ਗੁਰਦਾਸਪੁਰ, 27 ਸਤੰਬਰ (ਗੁਰਪ੍ਰਤਾਪ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਇਕੱਠੇ ਹੋਣ ਉਪਰੰਤ ਮੁਜ਼ਾਹਰਾ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ ਅਤੇ ਤਰਲੋਕ ਸਿੰਘ ਬਹਿਰਾਮਪੁਰ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਮਹੀਨੇ ਦੇ ਅਖੀਰਲੇ ਹਫ਼ਤੇ 'ਚ ਭਾਰੀ ਬਾਰਸ਼ ਅਤੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ 'ਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕੁਦਰਤੀ ਆਫ਼ਤ ਦੇ ਨਾਲ ਨਾਲ ਪੰਜਾਬ ਸਰਕਾਰ ਅਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵੀ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਸਮੇਂ ਸਿਰ ਡੈਮਾਂ ਅਤੇ ਦਰਿਆਵਾਂ ਵਿਚੋਂ ਗਾਰ ਕੱਢਣ ਦਾ ਕੰਮ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਐਲਾਨ ਕੀਤੀ ਗਈ 1600 ਕਰੋੜ ਰੁਪਏ ਦੀ ਰਕਮ ਬਹੁਤ ਨਿਗੂਣੀ ਹੈ | ਪੰਜਾਬ ਸਰਕਾਰ ਵਲੋਂ ਵੀ ਹਰ ਸਾਲ ਕੇਂਦਰ ਸਰਕਾਰ ਵਲੋਂ ਰਾਹਤ ਫ਼ੰਡ, ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਡੈਮਾਂ ਅਤੇ ਦਰਿਆਵਾਂ 'ਚੋਂ ਗਾਰ ਕੱਢਣ ਅਤੇ ਨਹਿਰਾਂ, ਚੋਆਂ ਦੀ ਸਫ਼ਾਈ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਹੋਰ ਕੰਮਾਂ ਉੱਤੇ ਖ਼ਰਚ ਕੀਤਾ ਗਿਆ | ਕਿਸਾਨ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਹੜ੍ਹਾ ਕਰਨ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਤੁਰੰਤ ਹੜ ਪ੍ਰਭਾਵਿਤ ਲੋਕਾਂ ਨੂੰ ਦਿੱਤਾ ਜਾਵੇ | ਇਸ ਮੌਕੇ ਚੰਨਣ ਸਿੰਘ ਦੋਰਾਂਗਲਾ, ਅਜੀਤ ਸਿੰਘ ਮੱਲੀਆਂ, ਮੁਖ਼ਤਿਆਰ ਸਿੰਘ ਮੱਲੀਆਂ, ਪਲਵਿੰਦਰ ਸਿੰਘ ਕਿਲ੍ਹਾ ਨੱਥੂ, ਦਲਜੀਤ ਸਿੰਘ ਤਲਵੰਡੀ, ਸੁਖਵਿੰਦਰ ਸਿੰਘ ਸੁੱਖਾ, ਸਾਗਰ ਸਿੰਘ ਭੋਲਾ, ਸ਼ਕਤੀ ਸਿੰਘ, ਮੋਹਕਮ ਸਿੰਘ, ਭੁਪਿੰਦਰ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ, ਸੁੱਚਾ ਸਿੰਘ, ਜਸਵੀਰ ਸਿੰਘ, ਨਿਹੰਗ ਅਤੇ ਸਤਪਾਲ ਸਿੰਘ ਬਹਿਰਾਮਪੁਰ ਆਦਿ ਹਾਜ਼ਰ ਸਨ |