ਤਾਰਾਗੜ੍ਹ, 3 ਨਵੰਬਰ (ਸੋਹਨ ਲਾਲ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਿਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਬਾਡੀ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਤਰਨ ਤਾਰਨ ਹਲਕੇ ਅੰਦਰ ਹੋ ਰਹੀ ਜ਼ਿਮਨੀ ਚੋਣ ਦੌਰਾਨ ਸਰਕਾਰ ਖ਼ਿਲਾਫ਼ ਤਰਨ ਤਾਰਨ ਸ਼ਹਿਰ ਅਤੇ ਪਿੰਡਾਂ ਵਿਚ ਰੋਸ ਮਾਰਚ 7 ਨਵੰਬਰ ਨੂੰ ਕੀਤਾ ਜਾਵੇਗਾ ਤੇ ਇਸ ਵਿਚ ਸਮੂਹ ਕਲੈਰੀਕਲ ਮੁਲਾਜ਼ਮ ਛੁੱਟੀ 'ਤੇ ਰਹੇਗਾ | ਇਸ ਸੰਬੰਧੀ ਪੰਜਾਬ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਅਡੀਸ਼ਨਲ ਜਨਰਲ ਸਕੱਤਰ ਨਰਿੰਦਰ ਸ਼ਰਮਾ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਤੇ ਬਕਾਇਆ ਰਹਿੰਦੀਆਂ ਮੰਗਾਂ ਨੂੰ ਨਾ ਮੰਨਣ ਕਰ ਕੇ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ ਤੇ ਇਹ ਵੀ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ | ਇਸ ਕਰਕੇ ਇਹ ਰੋਸ ਰੈਲੀ ਕੀਤੀ ਜਾ ਰਹੀ ਹੈ | ਰੋਸ ਰੈਲੀ ਵਿਚ ਸਿੱਖਿਆ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ |