ਨੌਸ਼ਹਿਰਾ ਮੱਝਾ ਸਿੰਘ, 18 ਦਸੰਬਰ (ਰਵੀ ਭਗਤ)- ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਦੇ ਪਿੰਡਾਂ 'ਚ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਵੋਟਰਾਂ ਵਲੋਂ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇ ਕੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਗਿਆ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਯੂਥ ਆਗੂ ਤੇ ਜ਼ੋਨ ਨੰਬਰ-10 ਨੌਸ਼ਹਿਰਾ ਮੱਝਾ ਸਿੰਘ ਤੋਂ 2453 ਵੋਟਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਜੋਂ ਜੇਤੂ ਉਮੀਦਵਾਰ ਮਨਦੀਪ ਸਿੰਘ ਗਿੱਲ ਨੇ ਕੀਤਾ | ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਤੰਜ ਕਸਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਇਹ ਚੋਣਾਂ 'ਚ ਧੱਕੇਸ਼ਾਹੀਆਂ ਦੇ ਬਾਵਜੂਦ ਵੀ ਲੋਕਾਂ ਨੇ ਪਾਰਟੀ ਵਲੋਂ ਲੋਕ ਹਿੱਤਾਂ ਵਿਚ ਲਏ ਗਏ ਫ਼ੈਸਲਿਆਂ 'ਤੇ ਮੋਹਰ ਲਗਾਈ ਹੈ | ਮਨਦੀਪ ਸਿੰਘ ਗਿੱਲ ਨੇ ਜ਼ੋਨ ਨੌਸ਼ਹਿਰਾ ਮੱਝਾ ਸਿੰਘ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੇਗੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ |