ਗੁਰਦਾਸਪੁਰ, 19 ਦਸੰਬਰ (ਪੰਕਜ ਸ਼ਰਮਾ)- ਬੀਤੇ ਦਿਨ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ | ਸਵੇਰ ਸਮੇਂ ਕੁਝ ਵੀ ਦਿਖਾਈ ਨਾ ਦੇਣ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਹੌਲੀ ਰਹੀ ਜਿਸ ਕਾਰਨ ਕਈ ਥਾਵਾਂ 'ਤੇ ਟ੍ਰੈਫਿਕ ਜਾਮ ਦੇ ਹਾਲਾਤ ਬਣੇ | ਸਕੂਲ ਜਾਣ ਵਾਲੇ ਬੱਚਿਆਂ, ਦਫ਼ਤਰ ਜਾਣ ਵਾਲੇ ਕਰਮਚਾਰੀਆਂ ਤੇ ਦੂਰ ਦਰਾਜ਼ ਯਾਤਰਾ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਹਾਈਵੇਅ 'ਤੇ ਹਾਦਸਿਆਂ ਦਾ ਖ਼ਤਰਾ ਵੀ ਵੱਧ ਗਿਆ ਹੈ | ਪ੍ਰਸ਼ਾਸਨ ਵਲੋਂ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਗੱਡੀਆਂ ਚਲਾਉਣ ਤੇ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ | ਠੰਢ ਅਤੇ ਧੁੰਦ ਦੇ ਮਿਲੇ ਜੁਲੇ ਪ੍ਰਭਾਵ ਨਾਲ ਬਜ਼ੁਰਗਾਂ ਤੇ ਬੱਚਿਆਂ ਦੀ ਸਿਹਤ 'ਤੇ ਵੀ ਅਸਰ ਪੈ ਰਿਹਾ ਹੈ | ਡਾਕਟਰਾਂ ਨੇ ਲੋਕਾਂ ਨੂੰ ਗਰਮ ਕੱਪੜੇ ਪਹਿਨਣ, ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਸਿਹਤ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ | ਸੰਘਣੀ ਧੁੰਦ ਅਤੇ ਠੰਢ ਕਾਰਨ ਬਾਜ਼ਾਰਾਂ ਵਿਚ ਗ੍ਰਾਹਕਾਂ ਦੀ ਆਵਾਜਾਈ 'ਚ ਵੀ ਕਮੀ ਦੇਖਣ ਨੂੰ ਮਿਲੀ | ਆਮ ਦਿਨਾਂ ਦੇ ਮੁਕਾਬਲੇ ਦੁਕਾਨਾਂ 'ਤੇ ਗਿਣਤੀ ਦੇ ਹੀ ਗ੍ਰਾਹਕ ਨਜ਼ਰ ਆਏ ਜਿਸ ਨਾਲ ਵਪਾਰੀਆਂ ਦਾ ਕਾਰੋਬਾਰ ਪ੍ਰਭਾਵਿਤ ਹੋਇਆ | ਦੁਕਾਨਦਾਰਾਂ ਨੇ ਦੱਸਿਆ ਕਿ ਧੁੰਦ ਕਾਰਨ ਲੋਕ ਘਰੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰ ਰਹੇ ਹਨ, ਜਿਸ ਨਾਲ ਰੋਜ਼ਾਨਾ ਵਿਕਰੀ 'ਚ ਕਾਫ਼ੀ ਘਾਟ ਪਈ ਹੈ |