ਦੀਨਾਨਗਰ, 20 ਦਸੰਬਰ (ਸੋਢੀ/ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀਨਾਨਗਰ-1 ਪੰਕਜ ਅਰੋੜਾ ਦੀ ਯੋਗ ਅਗਵਾਈ ਹੇਠ ਬਲਾਕ ਦੀਨਾਨਗ-1 ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੱਦਿਅਕ ਕਾਰਗੁਜ਼ਾਰੀ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਅੱਜ ਮੈਗਾ ਮਾਪੇ-ਅਧਿਆਪਕ ਮਿਲਣੀ ਹੋਈ ਜਿਸ ਵਿਚ ਬੱਚਿਆਂ ਦੇ ਮਾਪਿਆਂ ਨੇ ਭਾਗ ਲਿਆ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪੰਕਜ ਅਰੋੜਾ, ਬਲਾਕ ਰਿਸੋਰਸ ਕੋਆਰਡੀਨੇਟਰ ਸੰਦੀਪ ਸਿੰਘ ਕਾਟਲ ਅਤੇ ਪ੍ਰਵੀਨ ਕੁਮਾਰ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਉਨ੍ਹਾਂ ਦੀ ਭੂਮਿਕਾ ਤੇ ਯੋਗਦਾਨ ਬਾਰੇ ਜਾਣੂ ਕਰਵਾਇਆ ਗਿਆ | ਇਸੇ ਦੌਰਾਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸੱਮੂਚੱਕ ਵਿਖੇ ਕਰਵਾਈ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਵਰਕਸ਼ਾਪ 'ਚ ਸਕੂਲ ਇੰਚਾਰਜ ਰਾਜੇਸ਼ ਮਹਾਜਨ ਤੇ ਬਲਾਕ ਰਿਸੋਰਸ ਕੋਆਰਡੀਨੇਟਰ ਸੰਦੀਪ ਕਾਟਲ, ਸਕੂਲ ਸਟਾਫ਼ ਵਲੋਂ ਮਾਪਿਆਂ ਦੀ ਦਿਲਚਸਪ ਗਤੀਵਿਧੀਆਂ ਨਾਲ ਇਕ ਘੰਟੇ ਦੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਵਿਦਿਆਰਥੀਆਂ ਦੀ ਹੁਣ ਤੱਕ ਦੀ ਸਮੁੱਚੀ ਕਾਰਗੁਜ਼ਾਰੀ, ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਹੂਲਤਾਂ, ਸਰਕਾਰੀ ਸਕੂਲਾਂ ਦੀ ਸਿੱਖਿਆ ਲਈ ਆਧੁਨਿਕ ਸਿੱਖਣ ਸਿਖਾਉਣ ਦੀਆਂ ਤਕਨੀਕਾਂ, ਅਧਿਆਪਕਾਂ ਤੇ ਮਾਪਿਆਂ ਵਿਚ ਸਿੱਧੇ ਆਪਸੀ ਸੰਪਰਕ ਰਾਹੀਂ ਗੱਲਬਾਤ, ਮਾਪਿਆਂ ਦੀ ਫੀਡਬੈਕ, ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਨਵੇਂ ਦਾਖ਼ਲੇ ਨੂੰ ਵਧਾਉਣ ਸਬੰਧੀ ਗੱਲਬਾਤ ਦੇ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੀ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਜ਼ੀਰੋ ਡਰਾਪ ਆਊਟ ਤੇ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਹਿਤ ਕੀਤੇ ਜਾ ਰਹੇ ਉਪਰਾਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਸਕੂਲ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਕੋਲੋਂ ਸੁਝਾਅ ਵੀ ਮੰਗੇ ਗਏ | ਇਸ ਮੌਕੇ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਕਮਲਜੀਤ, ਆਂਗਣਵਾੜੀ ਵਰਕਰ ਕੁਲਵਿੰਦਰ ਕੌਰ, ਮਦਰ ਸੈੱਲਫ਼ ਹੈਲਪ ਗਰੁੱਪ ਦੀ ਪ੍ਰਧਾਨ ਚੰਦ ਰਾਣੀ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਜ਼, ਪਿੰਡ ਦੇ ਪਤਵੰਤੇ ਸੱਜਣ ਤੇ ਸਮੂਹ ਬੱਚਿਆਂ ਦੇ ਮਾਪੇ ਹਾਜ਼ਰ ਸਨ |