ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸ਼ਹੀਦੀ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
ਅਜੀਤ ਡੈਸਕ
23-12-2025
ਘੁਮਾਣ, 22 ਦਸੰਬਰ (ਬੰਮਰਾਹ)- ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਹੋਰ ਸ਼ਹੀਦ ਸਿੰਘ-ਸਿੰਘਣੀਆਂ ਦੀ ਯਾਦ 'ਚ ਸਮਾਗਮ ਕਰਵਾਏ ਜਾ ਰਹੇ ਹਨ | ਇਹ ਸਮਾਗਮ (6 ਪੋਹ) 20 ਦਸੰਬਰ ਤੋਂ ਸ਼ੁਰੂ ਕੀਤੇ ਗਏ ਹਨ ਤੇ (13 ਪੋਹ) 27 ਦਸੰਬਰ ਨੂੰ ਇਨ੍ਹਾਂ ਦੀ ਸਮਾਪਤੀ ਹੋਵੇਗੀ | ਇਨ੍ਹਾਂ ਸਮਾਗਮਾਂ ਵਿਚ ਹਰ ਰੋਜ਼ ਸ਼ਾਮ 5 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਂਦੇ ਹਨ ਤੇ ਸ਼ਾਮ 5:30 ਵਜੇ ਤੋਂ ਰਾਤ 9 ਵਜੇ ਤੱਕ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਦੇਵ ਸਿੰਘ ਭੋਮਾ ਤੇ ਹੋਰ ਕੀਰਤਨੀ ਜਥਿਆਂ ਵਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਜਾਂਦਾ ਹੈ ਤੇ ਨਾਲ ਹੀ ਪੰਥ ਦੇ ਪ੍ਰਸਿੱਧ ਪ੍ਰਚਾਰਕ ਭਾਈ ਦਲਬੀਰ ਸਿੰਘ ਸੱਤੋਵਾਲ ਵਲੋਂ ਲੜੀਵਾਰ ਕਥਾ ਤੇ ਗੁਰ ਇਤਿਹਾਸ ਨਾਲ ਜੋੜ ਕੇ ਸੰਗਤਾਂ ਨੂੰ ਇਨ੍ਹਾਂ ਸ਼ਹੀਦੀ ਦਿਹਾੜਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ | ਇਸ ਸੰਬੰਧੀ ਗੁਰਦੁਆਰਾ ਚਰਨ ਕਮਲ ਸਾਹਿਬ ਦੇ ਮੁੱਖ ਸੇਵਾਦਾਰ ਮਾਸਟਰ ਸੁਰਿੰਦਰ ਸਿੰਘ ਬੇਦੀ ਤੇ ਜਨਰਲ ਸਕੱਤਰ ਅਮਰਜੀਤ ਸਿੰਘ ਪੁਰਬਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਦਿਹਾੜੇ ਸਿੱਖ ਕੌਮ ਲਈ ਸਭ ਤੋਂ ਵੱਧ ਸ਼ਹਾਦਤਾਂ ਵਾਲੇ ਦਿਹਾੜੇ ਹਨ, ਜਿਨ੍ਹਾਂ ਦੀ ਸਮਾਪਤੀ 27 ਦਸੰਬਰ ਨੂੰ ਕੀਤੀ ਜਾਵੇਗੀ |