ਭੈਣੀ ਮੀਆਂ ਖਾਂ, 26 ਦਸੰਬਰ (ਜਸਬੀਰ ਸਿੰਘ ਬਾਜਵਾ)- ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਕਸਬਾ ਭੈਣੀ ਮੀਆਂ ਖਾਂ ਦੇ ਸਮੂਹ ਦੁਕਾਨਦਾਰਾਂ ਤੇ ਇਲਾਕੇ ਦੀ ਸੰਗਤ ਵਲੋਂ ਸਰਕਾਰੀ ਸਕੂਲ ਭੈਣੀ ਮੀਆਂ ਖਾਂ ਵਿਖੇ ਪਹਿਲਾ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਸਮਾਗਮ ਦੇ ਮੁੱਖ ਪ੍ਰਬੰਧਕ ਭਾਈ ਹਰਪਾਲ ਸਿੰਘ ਖਾਲਸਾ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ ਪਾਉਣ ਉਪਰੰਤ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਉਪਰੰਤ ਭਾਈ ਨਰਿੰਦਰਪਾਲ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਦੁਆਰਾ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਗਿਆ | ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਦੇ ਜਥੇ ਦੁਆਰਾ ਕਥਾ ਕੀਰਤਨ ਤੇ ਗੁਰਬਾਣੀ ਵਿਖਿਆਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਦਿਆਂ ਸੰਗਤਾਂ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਸਮਾਗਮ ਦੇ ਅਖੀਰ ਵਿਚ ਭਾਈ ਜਗਦੀਪ ਸਿੰਘ ਰੁੜਕਾ ਕਲਾਂ ਕਵੀਸ਼ਰੀ ਜਥੇ ਵਲੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਕਵੀਸ਼ਰੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਹਰਪਾਲ ਸਿੰਘ ਖਾਲਸਾ, ਰਣਜੀਤ ਸਿੰਘ, ਇਕਬਾਲ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਛਪਾਲ ਸਿੰਘ, ਗਗਨਦੀਪ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਸਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਹੈਪੀ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |