ਬਟਾਲਾ, 30 ਦਸੰਬਰ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ-ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਦੌਲਤਪੁਰ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਦਾ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਬਟਾਲਾ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ-ਰਾਤ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਅੰਦਰ ਸਾਫ ਸੁਥਰੀਆਂ ਲਿੰਕ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜੋ ਆਉਂਦੇ ਦਿਨਾਂ ਅੰਦਰ ਮੁਕੰਮਲ ਹੋ ਕੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿਚ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ | ਪਿੰਡਾਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਾਨ ਬਣਾਏ ਗਏ ਹਨ | ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਏ ਗਏ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਨਿਪਟਾਰਾ ਕੀਤਾ ਜਾ ਰਿਹਾ ਹੈ |