ਗੁਰਦਾਸਪੁਰ, 30 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਬੇਟ ਇਲਾਕੇ ਅੰਦਰ ਦਿਨ ਡੁੱਬਣ ਤੋਂ ਬਾਅਦ ਲੁੱਟਾਂ ਦੀਆਂ ਘਟਨਾਵਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ | ਜਦੋਂ ਕਿ ਪੰਜਾਬ ਪੁਲਿਸ ਆਪਣੇ ਮਿਸ਼ਨ ਤੋਂ ਬੁਰੀ ਤਰ੍ਹਾਂ ਫ਼ੇਲ੍ਹ ਹੁੰਦੀ ਨਜ਼ਰ ਆ ਰਹੀ ਹੈ | ਇਸ ਸਬੰਧੀ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਰਾਣਾ ਸ਼ਾਲਾ ਅੱਡੇ 'ਚ ਇਕ ਸੁਨਿਆਰੇ ਦੀ ਦੁਕਾਨ ਨੰੂ ਚੋਰਾਂ ਨੇ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੇ ਗਹਿਣੇ ਚੋਰ ਕੀਤੇ ਸਨ | ਪਰ ਪੁਲਿਸ ਅਜੇ ਤੱਕ ਕਿਸੇ ਵੀ ਚੋਰ ਨੰੂ ਫੜਨ ਵਿਚ ਸਫਲ ਨਹੀਂ ਹੋਈ | ਜਦੋਂ ਕਿ ਬੀਤੀ ਰਾਤ ਫਿਰ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਨੰਗਲ ਕਰਾਲ ਵਿਖੇ ਇਕ ਲੁਟੇਰੇ ਨੇ ਘਰ ਵਿਚ ਦਾਖ਼ਲ ਹੋ ਕੇ ਇਕ ਬਜ਼ੁਰਗ ਔਰਤ ਨੰੂ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ | ਇਨ੍ਹਾਂ ਘਟਨਾਵਾਂ ਨੰੂ ਲੈ ਕੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹੁਣ ਲੋਕ ਆਪਣੇ ਘਰਾਂ ਵਿਚ ਵੀ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਪਿੰਡਾਂ ਅੰਦਰ ਵੱਧ ਰਹੀ ਠੰਢ ਤੇ ਧੁੰਦ ਨੰੂ ਧਿਆਨ ਵਿਚ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਗਸ਼ਤ ਵਧਾਈ ਜਾਵੇ, ਜਿਸ ਨਾਲ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ 'ਤੇ ਰੋਕ ਲੱਗ ਸਕੇ |