ਪਠਾਨਕੋਟ, 30 ਦਸੰਬਰ (ਵਿਨੋਦ/ਸੰਧੂ)-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਮਹਿਲਾ ਸ਼ਕਤੀਕਰਨ ਨੂੰ ਪੋ੍ਰਤਸਾਹਿਤ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ, ਡਿਪਟੀ ਡੀ.ਈ.ਓ. (ਪ੍ਰਾ:) ਡੀ.ਜੀ. ਸਿੰਘ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਤੇਜਵਿੰਦਰ ਸਿੰਘ ਆਦਿ ਹਾਜ਼ਰ ਸਨ | ਮੀਟਿੰਗ ਦੌਰਾਨ ਮਹਿਲਾ ਸ਼ਕਤੀਕਰਨ ਅਤੇ ਲਿੰਗ ਅਨੁਪਾਤ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਵਲੋਂ ਜਾਗਰੂਕ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ | ਮੀਟਿੰਗ ਵਿਚ 3 ਫਰਵਰੀ 2026 ਨੂੰ ਲਗਾਏ ਜਾਣ ਵਾਲੇ ਸਿਹਤ ਕੈਂਪ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਉਨ੍ਹਾਂ ਸਿਹਤ ਕੈਂਪ ਵਿਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਪੰਜਾਬ ਸਕਿੱਲ ਡਿਵੈਲਪਮੈਂਟ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਵਲੋਂ ਧੀਆਂ ਦੀ ਲੋਹੜੀ ਦੇ ਤਿਉਹਾਰ ਨੂੰ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ 'ਤੇ ਮਨਾਉਣ 'ਤੇ ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਧੀਆਂ ਦੀ ਲੋਹੜੀ ਦਾ ਤਿਉਹਾਰ ਹਰ ਸਾਲ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਬਲਾਕ ਪੱਧਰ 'ਤੇ ਵੀ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬੇਟੀਆਂ ਅੱਜ ਸੰਸਾਰ ਦੇ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ, ਕੋਈ ਅਜਿਹਾ ਖੇਤਰ ਨਹੀਂ ਜਿੱਥੇ ਲੜਕੀਆਂ ਨਹੀਂ ਪਹੁੰਚ ਸਕਦੀਆਂ | ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਮੁਫ਼ਤ ਡਰਾਈਵਿੰਗ ਸਿੱਖਾਉਣ ਲਈ ਜਲਦੀ ਹੀ ਜ਼ਿਲ੍ਹੇ ਵਿਚ ਡਰਾਈਵਿੰਗ ਸਕਿੱਲ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ | ਜਿਸ ਦੇ 20 ਦਿਨਾਂ ਦੇ ਕੋਰਸ ਵਿਚ 50 ਲੜਕੀਆਂ ਨੂੰ ਮੁਫ਼ਤ ਡਰਾਈਵਿੰਗ ਸਿਖਾਈ ਜਾਵੇਗੀ | ਇਸ ਤੋਂ ਇਲਾਵਾ ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਟਰੇਨਿੰਗ ਦਿੱਤੀ ਜਾ ਰਹੀ ਹੈ | ਜੇਕਰ ਕੋਈ ਲੜਕੀ/ਵਿਦਿਆਰਥੀ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਕੋਚਿੰਗ ਲੈਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਉਰੋ ਤੋਂ ਲੈ ਸਕਦਾ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਲੜਕਾ-ਲੜਕੀ ਵਿਚ ਕੋਈ ਫ਼ਰਕ ਨਹੀਂ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ ਜਿੰਨ੍ਹਾ ਹੋ ਸਕੇ ਲੜਕੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਦੇ ਚਾਹੀਦੇ ਹਨ ਤਾਂ ਜੋ ਲੜਕੀਆਂ ਹੋਰ ਉੱਚੇ ਮੁਕਾਮਾਂ 'ਤੇ ਪਹੁੰਚ ਸਕਣ |