ਅਬੋਹਰ, 31 ਮਈ (ਵਿਵੇਕ ਹੂੜੀਆ)- ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ 'ਚ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾ. ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ 'ਚ ਵਿਸ਼ਵ ਨੋ ਤੰਬਾਕੂ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਅਬੋਹਰ ਵਿਖੇ ਕੀਤਾ ਗਿਆ | ਇਸ ਸਮੇਂ ਡਾ. ਸੁਰੇਸ਼ ਕੁਮਾਰ ਐਮ. ਡੀ. (ਮੈਡੀਸਨ) ਨੇ ਕਿਹਾ ਕਿ ਹਰੇਕ ਸਾਲ 31 ਮਈ ਨੂੰ ਵਿਸ਼ਵ ਭਰ 'ਚ ਤੰਬਾਕੂ ਰਹਿਤ ਦਿਵਸ ਮਨਾਇਆ ਜਾਂਦਾ ਹੈ | ਇਸ ਦਿਨ ਤੰਬਾਕੂ ਵਿਰੋਧੀ ਗਤੀਵਿਧੀਆਂ ਅਤੇ ਤੰਬਾਕੂ ਤੋਂ ਬਚਣ ਲਈ ਜਾਗਰੂਕਤਾ ਸਮਾਗਮ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿਚ 13 ਤੋਂ 18 ਸਾਲ ਤੱਕ ਦੇ ਬਹੁਤ ਸਾਰੇ ਬੱਚੇ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਕਰਨ ਲੱਗ ਜਾਂਦੇ ਹਨ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵਿਚ ਜਾਂ ਤੰਬਾਕੂ ਦੀ ਵਿੱਕਰੀ ਵਿਚ ਲਗਾਉਣਾ ਕਾਨੂੰਨਨ ਅਪਰਾਧ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਵੇਚਣਾ ਵੀ ਕਾਨੂੰਨਨ ਅਪਰਾਧ ਹੈ | ਤੰਬਾਕੂ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਿਗਰਟ ਐਂਡ ਅਦਰ ਤੰਬਾਕੂ ਪੋ੍ਰਡਕਟ ਐਕਟ (ਕੋਟਪਾ) 2003 ਲਾਗੂ ਕੀਤਾ ਗਿਆ ਹੈ | ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਹਾਰਟ ਅਟੈਕ, ਸ਼ੂਗਰ, ਦਿਮਾਗ਼ੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੌਰਾਨ ਪਲ ਰਿਹਾ ਬੱਚਾ ਵੀ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਭੈੜੀ ਅਲਾਮਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਸਿਵਲ ਹਸਪਤਾਲ ਫ਼ਾਜ਼ਿਲਕਾ ਅਤੇ ਅਬੋਹਰ ਵਿਖੇ ਜਾ ਕੇ ਮਾਹਿਰ ਡਾਕਟਰ ਦੀ ਸਲਾਹ ਨਾਲ ਛੱਡ ਸਕਦਾ ਹੈ | ਇਸ ਮੌਕੇ ਵਿਨੋਦ ਖੁਰਾਨਾ, ਮਨਬੀਰ ਸਿੰਘ ਅਤੇ ਟਹਿਲ ਸਿੰਘ ਨੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ |