ਫ਼ਿਰੋਜ਼ਪੁਰ, 2 ਜੂਨ (ਲਖਵਿੰਦਰ ਸਿੰਘ)-ਅੱਜ ਦੇ ਇਸ ਭੱਜ ਦੌੜ ਦੇ ਯੁੱਗ ਵਿਚ ਲੋਕ ਕਈ ਤਰ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ ਤਾਂ ਯੋਗਾ ਇਕ ਅਜਿਹਾ ਸਾਧਨ ਹੈ, ਜਿਸ ਨਾਲ ਜੁੜ ਕੇ ਅਸੀਂ ਨਿਰੋਗ ਅਤੇ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਅੰਦਰ ਸੀ.ਐਮ. ਦੀ ਯੋਗਸ਼ਾਲਾ ਅਧੀਨ ਚੱਲ ਰਹੀਆਂ ਯੋਗਾ ਕਲਾਸਾਂ ਬਾਰੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਬਣਾਉਣ ਦੇ ਮੰਤਵ ਨਾਲ ਚਲਾਏ ਜਾ ਰਹੇ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ 95 ਯੋਗਸ਼ਾਲਾਵਾਂ ਲਗਾ ਕੇ ਯੋਗਾ ਦੇ 17 ਮਾਹਰ ਟਰੇਨਰਾਂ ਵਲੋਂ ਲੋਕਾਂ ਨੂੰ ਯੋਗਾ ਦੀਆਂ ਵੱਖ-ਵੱਖ ਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤਮੰਦ ਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੇ ਗਏ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਵਿਚ ਹਿੱਸਾ ਲੈ ਕੇ ਜ਼ਿਲ੍ਹੇ ਦੇ ਕਈ ਨਾਗਰਿਕਾਂ ਨੇ ਸਰਵਾਈਕਲ, ਪਿੱਠ ਦਾ ਦਰਦ, ਥਾਈਰਾਈਡ, ਬਲੱਡ ਪ੍ਰੈਸ਼ਰ, ਸ਼ੂਗਰ, ਐਸੀਡਿਟੀ, ਮੋਟਾਪਾ, ਮਾਈਗ੍ਰੇਨ, ਡਿਪਰੈਸ਼ਨ ਆਦਿ ਵਰਗੀਆਂ ਬਿਮਾਰੀਆਂ ਤੋਂ ਨਿਜਾਤ ਪਾਈ ਹੈ | ਵਧੇਰੇ ਜਾਣਕਾਰੀ ਦਿੰਦਿਆਂ ਸੀ.ਐਮ. ਦੀ ਯੋਗਸ਼ਾਲਾ ਪੋ੍ਰਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਅਕਤੂਬਰ 2023 ਤੋਂ ਸ਼ੁਰੂ ਹੋਈ ਸੀ.ਐਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਵਿਚ ਲੋਕਾਂ ਵਲੋਂ ਬਹੁਤ ਹੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਪੋ੍ਰਜੈਕਟ ਅਧੀਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਇਨ੍ਹਾਂ ਯੋਗ ਕਲਾਸਾਂ ਵਿਚ 3500 ਤੋਂ ਵੱਧ ਲੋਕ ਰੋਜ਼ਾਨਾ ਯੋਗ ਕਰਦੇ ਹਨ |