ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਸਾਬੂਆਣਾ ਪਿੰਡ ਨੂੰ ਜਾਂਦੇ ਸੇਮ ਨਾਲੇ ਦਾ ਦੌਰਾ ਕਰਕੇ ਇੱਥੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਮੇਂ ਸੇਮ ਨਾਲਿਆਂ 'ਤੇ ਵੀ ਪੂਰੀ ਚੌਕਸੀ ਰੱਖੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਸੇਮ ਨਾਲੇ 'ਚ ਕੋਈ ਦਰਾਰ ਨਾ ਆਵੇ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਅਤੇ ਕਾਰਜਕਾਰੀ ਇੰਜੀਨੀਅਰ ਅਲੋਕ ਚੌਧਰੀ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ | ਇਸ ਤੋਂ ਪਹਿਨਾਂ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬੈਠਕ ਕਰਕੇ ਪ੍ਰਭਾਵਿਤ ਪਿੰਡਾਂ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਲਗਾਏ ਵਲੰਟੀਅਰਾਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਰਹੇ ਪਾਣੀ ਦੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਸੁਰੱਖਿਅਤ ਥਾਂ 'ਤੇ ਲਿਆਂਦਾ ਜਾਵੇ |