ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਦਾ ਦੌਰਾ ਕਰਕੇ ਜਿੱਥੇ ਪਿੰਡ ਵਾਸੀਆਂ ਦਾ ਹਾਲ ਜਾਣਿਆ ਉੱਥੇ ਹੀ ਪਿੰਡ ਵਾਸੀਆਂ ਨੂੰ ਤਰਪਾਲਾਂ ਵੀ ਵੰਡੀਆਂ | ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਵਿਚਰ ਕੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਨ੍ਹਾਂ ਤੋਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਤਰਪਾਲਾਂ ਮੁਹੱਈਆ ਕਰਵਾਈਆਂ ਜਾਣ ਜਿਸ ਨੂੰ ਵਿਚਾਰਦਿਆਂ ਜਲਦੀ ਹੀ ਉਨ੍ਹਾਂ ਨੂੰ ਅੱਜ ਇਹ ਤਰਪਾਲਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਵੀ ਲੋੜ ਅਨੁਸਾਰ ਤਰਪਾਲਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਡਾਕਟਰੀ ਸਹਾਇਤਾ, ਪਸ਼ੂਆਂ ਵਾਲੀ ਡਾਕਟਰ ਤੇ ਫੀਡ ਤੇ ਹੋਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਹਰ ਲੋੜ ਪੂਰੀ ਕੀਤੀ ਜਾ ਰਹੀ ਹੈ |