ਫ਼ਾਜ਼ਿਲਕਾ, 6 ਸਤੰਬਰ (ਦਵਿੰਦਰ ਪਾਲ ਸਿੰਘ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫ਼ਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ | ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉਪ-ਪ੍ਰਧਾਨ ਭਾਈ ਜਗਜੀਤ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਹੜ੍ਹਾਂ ਦੀ ਮਾਰ ਕਰਕੇ ਪਿੰਡਾਂ ਵਿਚ ਮਨੁੱਖਤਾ ਤੇ ਪਸ਼ੂਆਂ ਵਿਚ ਬਿਮਾਰੀਆਂ ਫੈਲ ਸਕਦੀਆਂ ਹਨ | ਇਸੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਡੇਰਾ ਬਾਬਾ ਨਾਨਕ ਦਾਣਾ ਮੰਡੀ ਵਿਚ ਪਸ਼ੂਆਂ ਤੇ ਮਨੁੱਖਾਂ ਲਈ ਮੁਫ਼ਤ ਮੈਡੀਕਲ ਕੈਂਪ ਜਗਤਜੀਤ ਇੰਡਸਟਰੀ ਚੀਮਾ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿਚ 8 ਡਾਕਟਰ ਤੇ 12 ਵੈਟਰਨਰੀ ਡਾਕਟਰ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਗੁਰਦਾਸਪੁਰ, ਪਠਾਨਕੋਟ, ਅੰਮਿ੍ਤਸਰ, ਤਰਨਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਆਉਣ ਵਾਲੇ ਦਿਨਾਂ ਵਿਚ ਮੈਡੀਕਲ ਕੈਂਪ ਇਸੇ ਤਰ੍ਹਾਂ ਹੀ ਲਗਾਏ ਜਾਣਗੇ | ਜ਼ਿਕਰਯੋਗ ਹੈ ਕਿ ਗੁਰਦਾਸਪੁਰ, ਪਠਾਨਕੋਟ, ਅੰਮਿ੍ਤਸਰ, ਤਰਨਤਾਰਨ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਟਰੱਸਟ ਵੱਲੋਂ ਹੜ੍ਹ ਪੀੜਤਾਂ ਦੇ ਰਾਹਤ ਕਾਰਜਾਂ ਲਈ ਹੜ੍ਹ ਪੀੜਤ ਰਾਹਤ ਕੈਂਪ ਬਣਾਏ ਗਏ ਹਨ, ਜੋ ਕਿ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਲਈ ਅਕਾਲ ਅਕੈਡਮੀ ਤਿੱਬੜ, ਦੀਨਾਨਗਰ, ਸੁਜਾਨਪੁਰ ਤੇ ਡੇਰਾ ਬਾਬਾ ਨਾਨਕ ਵਿਖੇ, ਅੰਮਿ੍ਤਸਰ ਜ਼ਿਲੇ੍ਹ ਲਈ ਅਕਾਲ ਅਕੈਡਮੀ ਵਛੋਆ ਤੇ ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਤੇ ਫ਼ਾਜ਼ਿਲਕਾ ਜ਼ਿਲ੍ਹੇ 'ਚ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਕੈਂਪ ਬਣਾਇਆ ਗਿਆ ਜਿੱਥੋਂ ਨੇੜੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਢਾਣੀਆਂ 'ਚ ਕਿਸ਼ਤੀ ਰਾਹੀਂ ਹੜ੍ਹ ਪੀੜਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ |