ਅਬੋਹਰ, 23 ਸਤੰਬਰ(ਵਿਵੇਕ ਹੂੜੀਆ/ ਸੁਖਜੀਤ ਸਿੰਘ ਬਰਾੜ)-ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਇੱਥੇ ਪਿੰਡ ਵਾਸੀਆਂ ਅਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ | ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕੇ ਦੇ 44 ਪਿੰਡਾਂ ਵਿਚ 12 ਕਰੋੜ ਰੁਪਏ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਇਸ ਪਿੰਡ ਵਿਚ ਵੀ ਖੇਡ ਸਟੇਡੀਅਮ ਦੀ ਵੱਡੀ ਮੰਗ ਹੈ | ਜਿਸ ਨੂੰ ਪੂਰਾ ਕਰਨ ਲਈ ਪ੍ਰਸ਼ਾਸਨਿਕ ਪੱਧਰ ਤੇ ਸ਼ੁਰੂਆਤ ਕਰ ਦਿੱਤੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਪਿੰਡ ਵਿਚ ਉਪਲਬਧ 6 ਏਕੜ ਸਰਕਾਰੀ ਜ਼ਮੀਨ ਨੂੰ ਪੰਚਾਇਤ ਨੂੰ ਤਬਦੀਲ ਕਰਨ ਦੀ ਕਾਰਵਾਈ ਪੂਰੀ ਕਰਵਾ ਕੇ ਇੱਥੇ ਸਟੇਡੀਅਮ ਬਣਾਇਆ ਜਾਵੇਗਾ | ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਵਿਚ ਵਾਲੀਬਾਲ ਗਰਾਊਾਡ ਬਣਾਉਣ ਤੱਕ ਕੰਮ ਜਲਦ ਸ਼ੁਰੂ ਹੋ ਜਾਵੇਗਾ ਅਤੇ ਲਾਇਬਰੇਰੀ ਵੀ ਜਲਦ ਮੁਕੰਮਲ ਹੋਵੇਗੀ | ਉਨ੍ਹਾਂ ਨੇ ਇਹ ਵੀ ਕਿਹਾ ਕਿ ਪਿੰਡ ਦੇ ਸਕੂਲ ਤੇ ਸਰਕਾਰ ਵੱਲੋਂ 2 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਿਹਾ ਹੈ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਰੱਖੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਵੀ ਹਾਜ਼ਰ ਸਨ |