ਫ਼ਾਜ਼ਿਲਕਾ, 28 ਸਤੰਬਰ (ਅਮਰਜੀਤ ਸ਼ਰਮਾ)-ਕੱਚੀਆਂ ਜ਼ਮੀਨਾਂ ਦੇ ਮਾਲਕੀ ਹੱਕ ਲੈਣ, ਫ਼ਸਲਾਂ, ਘਰਾਂ, ਪਸ਼ੂਆਂ ਤੇ ਮਨੁੱਖਾਂ ਦੇ ਨੁਕਸਾਨ ਦੀ ਭਰਪਾਈ ਲਈ ਢੁਕਵੀਂ ਮੁਆਵਜ਼ਾ ਨੀਤੀ ਬਣਾਉਣ, ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਮੁਤਾਬਿਕ ਕਰਨ, ਡੈਮਾਂ 'ਤੇ ਕੰਟਰੋਲ, ਵਿਕਸਿਤ ਨਹਿਰੀ ਢਾਂਚੇ ਤੇ ਬਾਰਸ਼ ਦੇ ਪਾਣੀ ਦੀ ਸਾਂਭ ਸੰਭਾਲ ਲਈ ਨੀਤੀ ਬਣਵਾਉਣ ਸਮੇਤ ਹੋਰਨਾਂ ਹੱਕੀ ਮੰਗਾਂ ਦੇ ਹੱਲ ਲਈ ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਤੇ ਮਹਾਤਮ ਨਗਰ ਅਨਾਜ ਮੰਡੀ ਵਿਚ ਨੌਜਵਾਨਾਂ ਦਾ ਵੱਡਾ ਇਕੱਠ ਕਰਕੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਵਿਸ਼ਾਲ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਹਰੇਕ ਪਿੰਡ ਜਾ ਕੇ 3 ਅਕਤੂਬਰ ਨੂੰ ਡੀ.ਸੀ ਫ਼ਾਜ਼ਿਲਕਾ ਦੇ ਹੋ ਰਹੇ ਘਿਰਾਓ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋਕੇ ਤੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਚੱਕ ਸੈਦੋ ਕੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫ਼ਾਜ਼ਿਲਕਾ ਤੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਮੁਹਾਰ ਖੀਵਾ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਤੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਫ਼ਾਜ਼ਿਲਕਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰ ਸੋਨਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਾਡੀਆਂ ਸਰਕਾਰਾਂ ਲੋਕ ਵਿਰੋਧੀ ਅਤੇ ਸਾਮਰਾਜੀ ਕਾਰਪੋਰੇਟ ਪੱਖੀ ਵਿਕਾਸ ਮਾਡਲ ਲਾਗੂ ਕਰਨ ਲੱਗੀ ਹੋਈ ਹੈ | ਜਿਸ ਦੇ ਤਹਿਤ ਹੀ ਸੜਕਾਂ ਦਾ ਵੱਡੇ ਪੱਧਰ ਤੇ ਨਿਰਮਾਣ ਕਰਨ ਲਈ ਜੰਗਲਾਂ ਅਤੇ ਪਹਾੜਾਂ ਦੀ ਕਟਾਈ ਕੀਤੀ ਜਾ ਰਹੀ ਹੈ | ਜਿਸ ਕਾਰਨ ਬੱਦਲ ਫਟਣ ਦੀਆਂ ਘਟਨਾਵਾਂ ਵਿਚ ਕਾਫ਼ੀ ਵਾਧਾ ਹੋਇਆ ਹੈ | ਇਸ ਦੇ ਨਾਲ ਹੀ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਹਰਮੀਤ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਅਦਿੱਤਿਆ ਫ਼ਾਜ਼ਿਲਕਾ ਤੇ ਦਿਲਕਰਨ ਰਤਨਪੁਰਾ, ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਆਗੂ ਨੌਰੰਗ ਲਾਲ, ਨੌਜਵਾਨ ਭਾਰਤ ਸਭਾ ਦੇ ਆਗੂ ਜੈਮਲ ਸਿੰਘ, ਸੁਖਦੇਵ ਸਿੰਘ ਨੇ ਕਿਹਾ ਕਿ ਸਾਡੇ ਪੰਜਾਬ ਦੇ ਲੋਕਾਂ ਨੂੰ ਆਏ ਸਾਲ ਹੜ੍ਹਾਂ ਦੀ ਇਸ ਭੈੜੀ ਮਾਰ ਨੂੰ ਝੱਲਣਾ ਪੈਂਦਾ ਹੈ ਪਰ ਦੂਜੇ ਪਾਸੇ ਸਰਕਾਰ ਇਸ ਸਮੱਸਿਆ ਦਾ ਕੋਈ ਹੱਲ ਕਰਨ ਨੂੰ ਤਿਆਰ ਨਹੀਂ ਹੈ | ਸਿਰਫ਼ ਨਿਗੂਣੇ ਜਿਹੇ ਮੁਆਵਜ਼ੇ ਦੇਣ ਦੇ ਐਲਾਨ ਕਰਕੇ ਆਪਣਾ ਪੱਲਾ ਝਾੜ ਰਹੀ ਹੈ | ਜਦਕਿ ਇੱਥੋਂ ਦੇ ਵਸਨੀਕਾਂ ਦੀਆਂ ਅੱਧੇ ਨਾਲੋਂ ਵੱਧ ਜ਼ਮੀਨਾਂ ਕੱਚੀਆਂ ਹਨ ਤੇ ਇੱਥੋਂ ਦੇ ਲੋਕਾਂ ਨੂੰ ਇਹਨਾਂ ਕੱਚੀਆਂ ਜ਼ਮੀਨਾਂ ਦਾ ਮੁਆਵਜ਼ਾ ਬਿਲਕੁਲ ਵੀ ਨਹੀਂ ਮਿਲਦਾ | ਇਸ ਮੌਕੇ ਇਹਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਕੁਲਵਿੰਦਰ ਸਿੰਘ, ਸਨਮ, ਮਨਪ੍ਰੀਤ ਸਿੰਘ, ਸੰਜੀਵ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ, ਨਿਰਮਲ ਸਿੰਘ, ਸਕੰਦਰ ਸਿੰਘ, ਜਗਰੂਪ ਸਿੰਘ, ਰਮਨ, ਜਸਵਿੰਦਰ ਸਿੰਘ, ਰਾਜਪ੍ਰੀਤ ਸਿੰਘ,ਸੁਨੀਲ, ਅਰਸ਼ਦੀਪ ਸਿੰਘ, ਸੁਰਜੀਤ ਸਿੰਘ,ਲਵਜੀਤ ਸਿੰਘ ਅਤੇ ਹੋਰ ਵੀ ਨੌਜਵਾਨ ਹਾਜ਼ਰ ਸਨ |