ਜਲਾਲਾਬਾਦ, 2 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫ਼ੀਲਡ ਅਤੇ ਦਫ਼ਤਰਾਂ 'ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ 'ਚ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਲ ਕਰਕੇ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਉੱਥੇ ਹੀ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਅਤੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵਲੋਂ ਹੁਣ ਜੋ ਇਨਲਿਸਟਮੈਂਟ/ਆਊਟ ਸੋਰਸ ਵਰਕਰਾਂ ਸਬੰਧੀ ਪਾਲਿਸੀ ਲਿਆਂਦੀ ਗਈ ਹੈ, ਉਹ ਵਰਕਰਾਂ ਦੇ ਹਿਤ ਵਿਚ ਨਹੀਂ ਹੈ, ਇਸ ਲਈ ਸਾਡੀ ਜਥੇਬੰਦੀ ਇਸ ਵਰਕਰ ਵਿਰੋਧੀ ਹੋਣ ਦਾ ਹਵਾਲਾ ਦਿੰਦੇ ਹੋਏ ਇਸ ਪਾਲਿਸੀ ਨੂੰ ਮੁੱਢੋਂ ਰੱਦ ਕਰਦੀ ਹੈ ਅਤੇ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵੇਗੀ ਅਤੇ ਜਥੇਬੰਦੀ ਦੀ ਮੰਗ ਅਨੁਸਾਰ ਹੀ ਵਰਕਰਾਂ ਦਾ ਪੱਕਾ ਰੁਜ਼ਗਾਰ ਕਰਨ ਵਾਲੀ ਤਜਵੀਜ਼ ਲਿਆਉਣ ਅਤੇ ਜੋ ਪਾਲਿਸੀ 'ਚ ਵਿਭਾਗੀ ਅਧਿਕਾਰੀਆਂ ਵਲੋਂ ਬਣਾਈ ਗਈ ਹੈ, ਉਸ ਵਿਚ ਸੋਧਾਂ ਕੀਤੀਆਂ ਜਾਣ | ਨਹੀਂ ਤਾਂ ਜਥੇਬੰਦੀ ਮਜਬੂਰਨ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਸਾਲਾਂ-ਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਆਊਟ ਸੋਰਸ, ਇਨਲਿਸਟਮੈਂਟ ਸਮੇਤ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗਾਂ ਵਿਚ ਲਿਆ ਕੇ ਪੱਕਾ ਕਰਨ ਦੇ ਨਾਲ ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਠੇਕਾ ਮੁਲਾਜ਼ਮ, ਜ਼ਿਮਨੀ ਚੋਣ ਦੇ ਦੌਰਾਨ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ 9 ਨਵੰਬਰ 2025 ਨੂੰ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਹੋਰਾਂ ਤੋਂ ਇਲਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਜਗਰੂਪ ਸਿੰਘ, ਸੂਬਾ ਖ਼ਜ਼ਾਨਚੀ ਰੁਪਿੰਦਰ ਸਿੰਘ ਫ਼ਿਰੋਜ਼ਪੁਰ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਜੁਆਇੰਟ ਪੈੱ੍ਰਸ ਸਕੱਤਰ ਜਸਵੀਰ ਸਿੰਘ ਸੀਰਾ, ਪ੍ਰਦੁਮਣ ਸਿੰਘ, ਜਸਬੀਰ ਸਿੰਘ ਜਿੰਦਵੜੀ, ਓਮਕਾਰ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਸਿੰਘ ਭੱਟੀ, ਸੁਰਿੰਦਰ ਸਿੰਘ ਮਾਨਸਾ, ਤਜਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ ਬਾਠ, ਗੁਰਵਿੰਦਰ ਸਿੰਘ ਪੰਜੋਲੀ ਮੌਜੂਦ ਸਨ |