ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਐਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਾਲਜ ਦੇ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਲ ਹੀ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਮੌਕੇ ਜ਼ਿਲ੍ਹਾ ਆਗੂ ਅਦਿੱਤਿਆ ਫ਼ਾਜ਼ਿਲਕਾ ਅਤੇ ਕਾਲਜ ਕਮੇਟੀ ਪ੍ਰਧਾਨ ਦਿਲਕਰਨ ਰਤਨਪੁਰਾ ਨੇ ਕਿਹਾ ਕਿ 1984 ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਤੇ ਸਜਣ ਕੁਮਾਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ 41 ਸਾਲ ਬਾਅਦ ਵੀ ਕੋਈ ਇਨਸਾਫ਼ ਨਹੀਂ ਮਿਲਿਆ ਜਦ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਵਾਰ ਵਾਰ ਕਾਂਗਰਸ ਨੂੰ ਸਿੱਖਾਂ ਦਾ ਦੋਸ਼ੀ ਐਲਾਨਿਆ ਜਾਂਦਾ ਹੈ ਪਰ ਅੱਜ ਭਾਜਪਾ ਵੀ ਬਿਲਕੁਲ ਉਸੇ ਲੀਹ 'ਤੇ ਚੱਲ ਰਹੀ ਹੈ ਤੇ ਘੱਟ ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਸਿਰਫ਼ 1984 ਹੀ ਨਹੀਂ ਇਸ ਤੋਂ ਬਾਅਦ ਗੁਜਰਾਤ ਦੇ ਦੰਗੇ, ਬਿਹਾਰ ਦੇ ਦੰਗੇ ਅਤੇ ਫਿਰ ਦਿੱਲੀ ਦੇ ਦੰਗੇ ਲਗਾਤਾਰ ਜਾਰੀ ਰਹੇ ਹਨ ਅਤੇ ਲਗਾਤਾਰ ਲੋਕ ਪੱਖੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਲਗਾਤਾਰ ਮਨੁੱਖੀ ਅਧਿਕਾਰਾਂ ਦਾ ਲਗਾਤਾਰ ਘਾਣ ਕੀਤਾ ਜਾ ਰਿਹਾ ਹੈ | ਕੇਂਦਰ ਸਰਕਾਰ ਲਗਾਤਾਰ ਵੱਧ ਗਿਣਤੀਆਂ ਦੀਆਂ ਭਾਵਨਾਵਾਂ ਨੂੰ ਵਰਤ ਕੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਆਪਣੇ ਹਿੰਦੂ ਰਾਸ਼ਟਰ ਦੇ ਏਜੰਡੇ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ | ਇਸ ਮੌਕੇ ਵਿਦਿਆਰਥੀ ਆਗੂ ਅਰਸ਼ਦੀਪ ਸਿੰਘ ਅਤੇ ਅਮਨ ਕੋਰ ਨੇ ਕਿਹਾ ਪੰਜਾਬ ਸਰਕਾਰ ਵੀ ਲਗਾਤਾਰ ਕੇਂਦਰ ਸਰਕਾਰ ਦੇ ਰਾਹੇ ਚੱਲ ਰਹੀ ਹੈ ਤੇ ਪੰਜਾਬ ਵਿਚਲੀ ਜਮਹੂਰੀ ਹੱਕਾਂ ਨੂੰ ਖ਼ਤਮ ਕਰਨ ਲੱਗੀ ਹੋਈ ਹੈ | ਪੰਜਾਬ ਵਿਚ ਪੁਲੀਸ ਨੂੰ ਦਿੱਤੀ ਖੁੱਲ ਕਰਕੇ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ਲਗਾਈ ਹੋਈ ਹੈ | ਆਗੂਆਂ ਨੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਪੀੜਤਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਸੈਨੇਟ ਚੋਣਾਂ ਬਹਾਲ ਕਰਾਉਣ ਦੀ ਮੰਗ ਕੀਤੀ ਅਤੇ ਇਹ ਫ਼ੈਸਲਾ ਵਾਪਸ ਨਾ ਲੈਣ ਦੀ ਸੂਰਤ ਵਿਚ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ | ਇਸ ਮੌਕੇ ਸੁਮਿਤ ਸਿੰਘ, ਰਾਹੁਲ, ਹਰਮਨ ਸਿੰਘ, ਵਿਕੀ, ਸਾਜਨ ਸਿੰਘ, ਵਿਕਰਮ ਸਿੰਘ, ਆਕਾਸ਼ ਸਿੰਘ, ਕਮਲਜੀਤ ਸਿੰਘ, ਜਸਵੀਰ ਕੌਰ, ਸਰਬਜੀਤ ਕੌਰ, ਸੋਨੀਆ, ਜੋਤੀ ਬਾਲਾ ਅਤੇ ਕਾਲਜ ਦੇ ਹੋਰ ਵਿਦਿਆਰਥੀ ਹਾਜ਼ਰ ਸਨ |