ਫ਼ਾਜ਼ਿਲਕਾ, 18 ਦਸੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਵਿਚ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਦੇ ਬਾਹਰ ਕਿਸਾਨਾਂ ਨੇ ਵਿਸ਼ਾਲ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ | ਵੱਡੀ ਗਿਣਤੀ ਵਿਚ ਕਿਸਾਨ ਧਰਨੇ 'ਤੇ ਬੈਠੇ ਹਨ, ਜਿਨ੍ਹਾਂ ਵਿਚ ਅÏਰਤਾਂ ਵੀ ਸ਼ਾਮਲ ਹਨ | ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ | ਮੌਕੇ 'ਤੇ ਭਾਰੀ ਪੁਲਿਸ ਬਲ ਦੇ ਨਾਲ-ਨਾਲ ਵਾਟਰ ਕੈਨਨ ਅਤੇ ਦੰਗਾ ਰੋਕੂ ਵਾਹਨ ਵੀ ਤਾਇਨਾਤ ਕੀਤੇ ਗਏ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਬਿਜਲੀ ਵਿਭਾਗ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ, ਜਿਸ ਦੇ ਵਿਰੋਧ ਵਿਚ ਉਹ ਇਹ ਪ੍ਰਦਰਸ਼ਨ ਕਰ ਰਹੇ ਹਨ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ 'ਤੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਇਹ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਲੋਕ ਸਭਾ ਵਿਚ ਬਿਜਲੀ ਸੁਧਾਰ ਬਿੱਲ ਲਿਆਉਣਾ ਚਾਹੁੰਦੀ ਹੈ, ਜਿਸ ਦਾ ਕਿਸਾਨ ਅਤੇ ਮਜ਼ਦੂਰ ਵਰਗ ਸਖ਼ਤ ਵਿਰੋਧ ਕਰ ਰਿਹਾ ਹੈ | ਯਾਦਵਿੰਦਰ ਸਿੰਘ ਨੇ ਕਿਹਾ ਕਿ ਜੇਕਰ ਇਹ ਬਿੱਲ ਲਾਗੂ ਹੋਇਆ ਤਾਂ ਨਾ ਸਿਰਫ਼ ਮੱਧ ਵਰਗੀ ਪਰਿਵਾਰ ਪ੍ਰਭਾਵਿਤ ਹੋਣਗੇ, ਸਗੋਂ ਗ਼ਰੀਬ ਅਤੇ ਮਜ਼ਦੂਰ ਵਰਗ ਦੀ ਬਿਜਲੀ ਤੱਕ ਪਹੁੰਚ ਵੀ ਮੁਸ਼ਕਲ ਹੋ ਜਾਵੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਇਸ ਬਿੱਲ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸੇ ਮੰਗ ਨੂੰ ਲੈ ਕੇ ਦੋ ਦਿਨਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉੱਥੇ ਹੀ, ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਕਾਨੂੰਨ ਵਿਵਸਥਾ ਬਣੀ ਰਹੇ |