ਅਬੋਹਰ, 20 ਦਸੰਬਰ (ਵਿਵੇਕ ਹੂੜੀਆ)- ਲਗਭਗ ਦੋ ਹਫ਼ਤੇ ਪਹਿਲਾਂ ਅਬੋਹਰ ਦੇ ਸੀਤੋ ਰੋਡ 'ਤੇ ਘਰ ਜਾਂਦੇ ਸਮੇਂ ਬੇਸਹਾਰਾ ਪਸ਼ੂ ਨਾਲ ਟਕਰਾਉਣ ਤੋਂ ਬਾਅਦ ਜ਼ਖਮੀ ਹੋਏ ਇਕ ਵਿਅਕਤੀ ਦੀ ਬਠਿੰਡਾ ਵਿਚ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਦਾ ਵਿਆਹ ਚਾਰ ਸਾਲ ਪਹਿਲਾਂ ਹੋਇਆ ਸੀ | ਇਸ ਘਟਨਾ ਨੇ ਪਿੰਡ ਵਿਚ ਸੋਗ ਦੀ ਲਹਿਰ ਫੈਲਾ ਦਿੱਤੀ | ਅੱਜ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ | ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਪੁੱਤਰ ਮਨਫੂਲ ਵਾਸੀ ਸੁਖਚੈਨ ਜੋ ਕਿ ਮਿਹਨਤ ਮਜ਼ਦੂਰੀ ਕਰਦਾ ਸੀ, 8 ਦਸੰਬਰ ਨੂੰ ਸ਼ਹਿਰ ਵਿਚ ਕੰਮ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ 'ਤੇ ਆਪਣੇ ਪਿੰਡ ਵਾਪਸ ਆ ਰਿਹਾ ਸੀ, ਜਦੋਂ ਸੁਖਚੈਨ ਪਿੰਡ ਦੇ ਨੇੜੇ ਅਚਾਨਕ ਸੜਕ 'ਤੇ ਆਏ ਇਕ ਜਾਨਵਰ ਨਾਲ ਉਸ ਦੀ ਟੱਕਰ ਹੋ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ | ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ | ਉਸ ਦੇ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਏਮਜ਼ ਹਸਪਤਾਲ ਲੈ ਗਏ, ਜਿੱਥੇ ਕਈ ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਉਸ ਦੀ ਮੌਤ ਹੋ ਗਈ | ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ | ਇਸ ਦੌਰਾਨ ਸੀਤੋ ਚੌਂਕੀ ਦੇ ਇੰਚਾਰਜ ਏ.ਐੱਸ.ਆਈ ਬਲਵੀਰ ਸਿੰਘ ਨੇ ਮਿ੍ਤਕ ਦੀ ਪਤਨੀ ਪੂਜਾ ਦੇ ਬਿਆਨਾਂ 'ਤੇ ਬੀ.ਐਨ.ਐੱਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ |