ਫ਼ਾਜ਼ਿਲਕਾ, 23 ਦਸੰਬਰ (ਦਵਿੰਦਰ ਪਾਲ ਸਿੰਘ)-ਐੱਸ.ਡੀ.ਐਮ.ਅਮਨਦੀਪ ਸਿੰਘ ਮਾਵੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹਾਂ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ 3 ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨੇਹ ਪੱਤਰ ਵੰਡੇ | ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਵੀ ਸਥਾਨਕ ਲੋਕਾਂ ਦੀ ਸੰਭਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਪੱਖੋਂ ਉਪਰਾਲੇ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੀ.ਐਮ. ਕੇਅਰ ਫ਼ਾਰ ਚਿਲਡਰਨ ਸਕੀਮ ਅਧੀਨ ਬਚਿਆਂ ਦੀ ਪੜ੍ਹਾਈ ਦਾ ਪੂਰਾ ਖ਼ਰਚ ਚੁੱਕਿਆ ਜਾਵੇਗਾ, ਪੜ੍ਹਾਈ ਪੱਖੋਂ ਬਚਿਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਬੱਚੇ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਬੱਚੇ ਉਨ੍ਹਾਂ ਦੇ ਦਫ਼ਤਰ ਨਾਲ ਸਿੱਧੇ ਤੌਰ 'ਤੇ ਸੰਪਰਕ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ | ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤਕ ਪੁੱਜਦਾ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਇਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਾਜ਼ਿਲਕਾ ਸ੍ਰੀਮਤੀ ਅਨੁਪਿ੍ਆ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਿਤੂ ਬਾਲਾ ਆਦਿ ਹਾਜ਼ਰ ਸਨ |