ਅੰਮਿ੍ਤਸਰ, 3 ਜੂਨ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ-ਕਸ਼ਮੀਰ ਵਿਚ ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਕਾਰਜਾਂ ਲਈ ਨਿਯੁਕਤ ਕੋ-ਆਰਡੀਨੇਟਰ ਤੇ ਸਲਾਹਕਾਰ ਭਾਈ ਜਗਤਾਰ ਸਿੰਘ ਦੇ ਭਣੇਵੇਂ ਕਾਕਾ ਹਰਲਿਵ ਸਿੰਘ ਦੀ ਰਹੱਸਮਈ ਹਾਲਾਤਾਂ ਵਿਚ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਮਿ੍ਤਕ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ | ਪ੍ਰਧਾਨ ਧਾਮੀ ਨੇ ਮਿ੍ਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਸਬੰਧੀ ਓ.ਐੱਸ.ਡੀ. ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਪਰਿਵਾਰ ਵੱਲੋਂ ਮਿਲੀ ਸੂਚਨਾ ਅਨੁਸਾਰ ਕਾਕਾ ਹਰਲਿਵ ਸਿੰਘ ਦੀ ਮੌਤ ਦੇ ਪਿੱਛੇ ਸ਼ੱਕੀ ਅਤੇ ਅਸਪੱਸ਼ਟ ਹਾਲਾਤ ਹਨ, ਜਿਸ ਨੇ ਨਾ ਸਿਰਫ਼ ਪਰਿਵਾਰ ਨੂੰ ਸਦਮੇ ਵਿੱਚ ਪਾਇਆ ਹੈ, ਸਗੋਂ ਜੰਮੂ-ਕਸ਼ਮੀਰ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਵੀ ਡੂੰਘੀ ਸੱਟ ਮਾਰੀ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸਮੁੱਚੇ ਸਮਾਜ ਵਿੱਚ ਅਸੁਰੱਖਿਆ ਦਾ ਮਾਹੌਲ ਪੈਦਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜੰਮੂ-ਕਸ਼ਮੀਰ ਪੁਲਿਸ ਨੂੰ ਇਸ ਮਾਮਲੇ ਵਿਚ ਤੁਰੰਤ ਅਤੇ ਨਿਰਪੱਖ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ, ਤਾਂ ਜੋ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾ ਸਕੇ |