ਅਜਨਾਲਾ, ਗੱਗੋਮਾਹਲ, ਰਮਦਾਸ, 29 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ,ਬਲਵਿੰਦਰ ਸਿੰਘ ਸੰਧੂ,ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਦੀ ਅਗਵਾਈ 'ਚ ਤਹਿਸੀਲ ਅਜਨਾਲਾ ਅੰਦਰ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਔਖੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦਾ ਹਰੇਕ ਵਰਕਰ 24 ਘੰਟੇ ਹਾਜ਼ਰ ਹੈ | ਇਸ ਸਮੇਂ ਉਨ੍ਹਾਂ ਸਰਹੱਦੀ ਪਿੰਡ ਘੋਹਨੇਵਾਲਾ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਅਤੇ ਪਿੰਡ ਬਾਉਲੀ ਦੇ ਸਾਬਕਾ ਸਰਪੰਚ ਰਾਜਬੀਰ ਸਿੰਘ ਬਾਉਲੀ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਜਾਣਿਆ ਅਤੇ ਇਸ ਔਖੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਤਰਫ਼ੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ | ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਵੀ ਦਰਿਆ ਵਿਚ ਬੇਹਿਸਾਬ ਪਾਣੀ ਆਉਣ ਨਾਲ ਵਿਧਾਨ ਸਭਾ ਹਲਕਾ ਅਜਨਾਲਾ ਦੇ 60-70 ਪਿੰਡ ਬੁਰੀ ਤਰ੍ਹਾਂ ਹੜ੍ਹਾਂ ਦੀ ਲਪੇਟ ਵਿਚ ਆ ਚੁੱਕੇ ਹਨ, ਇਸ ਲਈ ਇਨ੍ਹਾਂ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਉਣ ਲਈ 'ਆਪ' ਦੀ ਪੰਜਾਬ ਸਰਕਾਰ ਨਾਕਾਮ ਸਾਬਤ ਹੋਈ ਹੈ ਤੇ ਇਸ ਸਰਕਾਰ ਵਲੋਂ ਲੋਕਾਂ ਨੂੰ ਲਾਵਾਰਸ ਛੱਡ ਦਿੱਤਾ ਹੈ | ਉਨ੍ਹਾਂ ਸੂਬਾ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਸੂਬਾ ਸਰਕਾਰ ਵਲੋਂ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ ਅਤੇ ਸਾਧਨਾਂ ਦੀ ਘਾਟ ਦੇ ਚੱਲਦਿਆਂ ਹੜ੍ਹਾਂ ਵਿਚ ਸਰਹੱਦੀ ਖੇਤਰ ਦੇ ਬਹੁਤ ਸਾਰੇ ਲੋਕ ਘਿਰੇ ਹਨ ਜਿਨ੍ਹਾਂ ਨੂੰ ਬਚਾਉਣ ਲਈ ਸੂਬਾ ਸਰਕਾਰ ਤੁਰੰਤ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਜਗ੍ਹਾ ਤੇ ਹੜ੍ਹ ਰਾਹਤ ਕਾਰਜਾਂ ਦੀ ਕਮਾਨ ਫ਼ੌਜ ਦੇ ਹਵਾਲੇ ਕਰਕੇ ਬੇਸ਼ਕੀਮਤੀ ਜਾਨਾਂ ਨੂੰ ਬਚਾਉਣ ਲਈ ਜੰਗੀ ਪੱਧਰ 'ਤੇ ਕੰਮ ਕਰੇ | ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਔਖੀ ਘੜੀ ਵਿਚ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਅਤੇ ਇਨ੍ਹਾਂ ਲੋਕਾਂ ਦੀ ਜੋ ਵੀ ਜਰੂਰਤ ਹੋਵੇਗੀ ਉਸ ਨੂੰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਸੀਂ ਤਰਪਾਲਾਂ, ਫੋਗਿੰਗ ਮਸ਼ੀਨਾਂ, ਮੱਛਰ ਮਾਰਨ ਵਾਲੀ ਦਵਾਈ, ਪਾਣੀ ਦੀਆਂ ਬੋਤਲਾਂ ਅਤੇ ਪਸ਼ੂਆਂ ਲਈ ਚਾਰਾ ਵੀ ਪਹੁੰਚਾ ਰਹੇ ਹਾਂ ਅਤੇ ਰਾਸ਼ਨ ਦੇ ਪੈਕੇਟ ਵੀ ਜਲਦ ਹੀ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਜਾਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸੀਨੀਅਰ ਅਕਾਲੀ ਆਗੂ ਜਥੇਦਾਰ ਮੁਖਤਾਰ ਸਿੰਘ ਸੂਫ਼ੀਆਂ, ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ, ਨਵਚੰਦ ਸਿੰਘ ਹਰੜ, ਸਵਿੰਦਰ ਸਿੰਘ ਸਿੰਦ ਸਹਿੰਸਰਾ, ਬ੍ਰਹਮ ਸਿੰਘ ਝੰਡੇਰ, ਦਲਬੀਰ ਸਿੰਘ ਚੱਕਡੋਗਰਾਂ, ਗੁਲਬਾਗ ਸਿੰਘ ਬਿੱਲਾ ਉੱਗਰ ਔਲਖ, ਸ਼ਮਸ਼ੇਰ ਸਿੰਘ ਸ਼ੇਰਾ ਤੇੜਾ, ਇਕਬਾਲ ਸਿੰਘ ਸ਼ਿੰਟੂ ਚਾਵਲਾ, ਮਾਸਟਰ ਤੇਜਵੰਤ ਸਿੰਘ, ਪਵਿੱਤਰ ਸਿੰਘ ਫੈਂਸੀ, ਸਵਰਨ ਸਿੰਘ ਗੁਲਾਬ ਸਮੇਤ ਹੋਰ ਆਗੂ ਵੀ ਮੌਜੂਦ ਸਨ |