ਅੰਮਿ੍ਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 364ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਵਲੋਂ 26ਵਾਂ ਤਿੰਨ ਦਿਨਾ 'ਰੰਗਰੇਟੇ ਗੁਰੂ ਕੇ ਬੇਟੇ' ਚੇਤਨਾ ਮਾਰਚ ਅੱਜ ਸਵੇਰੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਰਵਾਨਾ ਹੋਏ ਇਸ ਚੇਤਨਾ ਮਾਰਚ ਦੀ ਰਵਾਨਗੀ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਸ਼ਹੀਦ ਬਾਬਾ ਜੀਵਨ ਸਿੰੰਘ ਸੇਵਾ ਸੁਸਾਇਟੀ ਦੇ ਚੇਅਰਮੈਨ ਜਸਵੰਤ ਸਿੰਘ, ਜਨ: ਸਕੱਤਰ ਜਗਚਾਨਣ ਸਿੰਘ ਗਿੱਲ, ਸਰਪੰਚ ਗੁਰਪ੍ਰੀਤ ਸਿੰਘ ਤੇ ਗੁ: ਸ਼ਹੀਦਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ | ਚੇਅਰਮੈਨ ਨੇ ਦੱਸਿਆ ਕਿ ਇਹ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਅੱਜ ਰਾਤ ਗੁ: ਸ੍ਰੀ ਮੰਜੀ ਸਾਹਿਬ ਅੰਬਾਲਾ ਵਿਖੇ ਰਾਤ ਵਿਸ਼ਰਾਮ ਕਰੇਗਾ ਅਤੇ ਕੱਲ੍ਹ 2 ਸਤੰਬਰ ਨੂੰ ਦੇਰ ਰਾਤ ਗੁਰਦੁਆਰਾ ਸਾਹਿਬ ਮਜਨੂੰ ਕਾ ਟਿੱਲਾ ਦਿੱਲੀ ਵਿਖੇ ਪੁੱਜੇਗਾ | ਜਿਥੋਂ 3 ਸਤੰਬਰ ਨੂੰ ਗੁ: ਸ੍ਰੀ ਸੀਸਗੰਜ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ | ਉਨ੍ਹਾਂ ਦੱਸਿਆ ਕਿ ਸੰਗਤਾਂ ਵਿਚ ਚੇਤਨਾ ਮਾਰਚ ਪ੍ਰਤੀ ਭਾਰੀ ਉਤਸ਼ਾਹ ਹੈ |