ਅੰਮਿ੍ਤਸਰ, 3 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਅਧਾਰਿਤ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਐਂਡ ਟ੍ਰਾਂਸ਼ਕੋ ਪੈਨਸ਼ਨਰਜ਼ ਯੂਨੀਅਨ ਏਟਕ ਪੰਜਾਬ, ਪੈਨਸ਼ਨਰਜ਼ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਪੱਧਰ ਦੇ ਆਗੂਆਂ ਦੀ ਹੰਗਾਮੀ ਆਨਲਾਈਨ ਮੀਟਿੰਗ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ | ਆਗੂਆਂ ਨੇ ਦੱਸਿਆ ਕਿ ਪੰਜਾਬ ਅੰਦਰ ਕੁਦਰਤੀ ਕਰੋਪੀ ਅਤੇ ਸਰਕਾਰਾਂ ਵਲੋਂ ਸਮੇਂ ਸਿਰ ਢੁੱਕਵੇਂ ਅਤੇ ਲੋੜੀਦੇ ਪ੍ਰਬੰਧ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਸੈਂਕੜੇ ਪਿੰਡਾਂ 'ਚ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ | ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡੇ ਉਪਰਾਲੇ ਦੀ ਲੋੜ ਨੂੰ ਮਹਿਸੂਸ ਕਰਦਿਆਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇਕ ਦਿਨ ਦੀ ਤਨਖਾਹ ਅਤੇ ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ 'ਚ ਭੇਜਣ ਦਾ ਫੈਸਲਾ ਕੀਤਾ ਹੈ | ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਸਤੰਬਰ ਮਹੀਨੇ ਦੀ ਤਨਖਾਹ 'ਚੋਂ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੀ ਇਕ ਦਿਨ ਦੀ ਤਨਖਾਹ ਦੀ ਕਟੌਤੀ ਕਰਵਾ ਕੇ ਮੁੱਖ ਮੰਤਰੀ ਰਾਹਤ ਫੰਡ 'ਚ ਦੇਣਗੇ ਤਾਂ ਜੋ ਪੰਜਾਬ ਵਾਸੀਆਂ ਦੀ ਇਸ ਔਖੀ ਘੜੀ 'ਚ ਆਰਥਿਕ ਮਦਦ ਕੀਤੀ ਜਾ ਸਕੇ | ਮੀਟਿੰਗ 'ਚ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਜਥੇਬੰਦੀਆਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਆਉਣ ਵਾਲੇ ਸਮੇਂ 'ਚ ਮੈਡੀਕਲ ਕੈਂਪ ਲਗਵਾਉਣ ਤੋਂ ਇਲਾਵਾ ਬਿਪਤਾ ਮਾਰੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਜ਼ਮੀਨੀ ਪੱਧਰ 'ਤੇ ਵੀ ਉਪਰਾਲੇ ਕੀਤੇ ਜਾਣਗੇ | ਮੀਟਿੰਗ 'ਚ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਕੁਲਵਿੰਦਰ ਸਿੰਘ ਢਿੱਲੋਂ, ਸਰਿੰਦਰਪਾਲ ਲਾਹੌਰੀਆ, ਗੁਰਭੇਜ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼ੌਰ, ਰਣਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਚਾਹਲ, ਜਸਵੀਰ ਸਿੰਘ ਆਂਡਲੂ, ਇੰਜੀ: ਹਰਮਨਦੀਪ, ਕੌਰ ਸਿੰਘ ਸੋਹੀ, ਮਨਜੀਤ ਸਿੰਘ ਚਾਹਲ, ਰਾਧੇ ਸ਼ਿਆਮ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ, ਦਲੀਪ ਕੁਮਾਰ, ਬੀ. ਐੱਸ. ਸੇਖੋਂ, ਚਮਕੌਰ ਸਿੰਘ, ਬਾਬਾ ਅਮਰਜੀਤ ਸਿੰਘ, ਸਰਬਜੀਤ ਸਿੰਘ, ਮਹਿੰਦਰ ਸਿੰਘ ਰੂੜੇਕੇ, ਤੇਜਿੰਦਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਦੁੱਮਣਾ ਆਦਿ ਨੇ ਹਿੱਸਾ ਲਿਆ |