ਅੰਮਿ੍ਤਸਰ, 4 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ 'ਗੁਰੂ ਨਾਨਕ ਅਧਿਐਨ ਵਿਭਾਗ' ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ : ਜੀਵਨ ਅਤੇ ਦਰਸ਼ਨ' ਵਿਸ਼ੇ 'ਤੇ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਬੁਲਾਰੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਫਲਸਫਾ ਮਨੁੱਖੀ ਮੁੱਲਾਂ ਦੀ ਰੱਖਿਆ ਲਈ ਸਮਰਪਿਤ ਸੀ | ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦਾ ਜ਼ਿਕਰ ਕੀਤਾ, ਜਿਸ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਿਆਈ ਸੰਭਾਲਣ ਉਪਰੰਤ ਖਾਲਸਾ ਪੰਥ ਦੀ ਸਿਰਜਣਾ ਵੱਲ ਪ੍ਰੇਰਿਤ ਕੀਤਾ | ਇਸ ਮੌਕੇ ਗੁਰੂ ਨਾਨਕ ਅਧਿਐਨ ਵਿਭਾਗ ਦੇ ਮੁਖੀ ਡਾ. ਭਾਰਤਬੀਰ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਉਪਦੇਸ਼ ਤੇ ਉਨ੍ਹਾਂ ਦੀ ਬਾਣੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਸਰੋਤ ਹਨ | ਅੰਤ 'ਚ ਡਾ. ਮੁਹੱਬਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ | ਇਸ ਲੈਕਚਰ 'ਚ ਗੁਰੂ ਨਾਨਕ ਅਧਿਐਨ ਵਿਭਾਗ ਦੇ ਅਧਿਆਪਕ ਸਾਹਿਬਾਨ, ਸਿੱਖ ਸਟੱਡੀਜ਼ ਚੇਅਰ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਅਤੇ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਖੋਜਾਰਥੀਆਂ ਨੇ ਹਾਜ਼ਰੀ ਭਰੀ | ਇਸ ਤੋਂ ਇਲਾਵਾ ਵਿਭਾਗ ਦੇ ਖੋਜ-ਵਿਦਿਆਰਥੀਆਂ ਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ |