ਅੰਮਿ੍ਤਸਰ, 5 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਅੱਜ ਜ਼ਿਲ੍ਹੇ ਦੇ ਕਾਰੋਬਾਰੀਆਂ ਨਾਲ ਬੈਠਕ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਨੇ ਵਪਾਰੀਆਂ ਨੂੰ ਬਹੁਤ ਭਾਰੀ ਨੁਕਸਾਨ ਪਹੁੰਚਾਇਆ ਹੈ | ਸ਼ਹਿਰਾਂ ਤੋਂ ਲੈ ਕੇ ਕਸਬਿਆਂ ਅਤੇ ਪਿੰਡਾਂ ਤੱਕ ਵਪਾਰੀ ਵਰਗ ਦਾ ਕਾਰੋਬਾਰ ਠੱਪ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਹਜ਼ਾਰਾਂ ਵਪਾਰੀਆਂ ਦੇ ਗੁਦਾਮਾਂ 'ਚ ਰੱਖਿਆ ਲੱਖਾਂ ਅਤੇ ਕਰੋੜਾਂ ਰੁਪਏ ਦਾ ਸਾਮਾਨ ਪਾਣੀ ਵਿਚ ਭਿੱਜਣ ਨਾਲ ਪੂਰੀ ਤਰ੍ਹਾਂ ਖ਼ਰਾਬ ਹੋ ਗਿਆ ਹੈ | ਕਈ ਦੁਕਾਨਦਾਰਾਂ ਦੀਆਂ ਦੁਕਾਨਾਂ ਲੰਬੇ ਸਮੇਂ ਤੋਂ ਬੰਦ ਹਨ, ਜਿਸ ਕਾਰਨ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਜਿਨ੍ਹਾਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ ਉੱਥੇ ਗਾਹਕ ਨਹੀਂ ਪਹੁੰਚ ਰਹੇ ਹਨ ਅਤੇ ਆਰਥਿਕ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ | ਵਪਾਰ ਮੰਡਲ ਨੇ ਸਪਸ਼ਟ ਕੀਤਾ ਕਿ ਆਉਣ ਵਾਲਾ ਤਿਉਹਾਰਾਂ ਦਾ ਸੀਜ਼ਨ ਕਾਰੋਬਾਰ ਜਗਤ ਲਈ ਸਭ ਤੋਂ ਮਹੱਤਵਪੂਰਨ ਹੈ | ਜੇਕਰ ਇਸ ਸਮੇਂ ਵਪਾਰੀਆਂ ਨੂੰ ਰਾਹਤ ਨਹੀਂ ਦਿੱਤੀ ਜਾਂਦੀ ਤਾਂ ਆਉਣ ਵਾਲੇ 4 ਤਿਉਹਾਰਾਂ; ਨਵਰਾਤਰੇ, ਦਸਹਿਰਾ, ਦੀਵਾਲੀ ਅਤੇ ਛੱਠ ਪੂਜਾ ਦਾ ਸੀਜ਼ਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ | ਵਪਾਰ ਮੰਡਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾ.ਵਿਤ ਵਪਾਰੀਆਂ ਨੂੰ ਤੁਰੰਤ ਸਸਤੇ ਕਰਜ਼ੇ ਪ੍ਰਦਾਨ ਕੀਤੇ ਜਾਣ | ਉਨ੍ਹਾਂ ਨੂੰ ਜੀ. ਐੱਸ. ਟੀ. ਅਤੇ ਹੋਰ ਟੈਕਸਾਂ ਵਿਚ ਅਸਥਾਈ ਰਾਹਤ ਦਿੱਤੀ ਜਾਵੇ | ਵਪਾਰੀਆਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਅੰਸ਼ਿਕ ਭਰਪਾਈ ਲਈ ਮੁਆਵਜ਼ਾ ਦਿੱਤਾ ਜਾਵੇ ਅਤੇ ਨਾਲ ਹੀ ਵਪਾਰਕ ਜਗਤ ਲਈ ਇਕ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ | ਸੇਠ ਅਤੇ ਜੈਨ ਨੇ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਰਾਹਤ ਨਾ ਦਿੱਤੀ ਗਈ ਤਾਂ ਵਪਾਰੀ ਵਰਗ ਨੂੰ ਹੋਂਦ ਦੇ ਸੰਕਟ ਦਾ ਸਾਹਮਣਾ ਕਰਨਾ ਪਵੇਗਾ |