ਅੰਮਿ੍ਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਪੰਜਾਬ ਵਿਚ ਡੇਰਾ ਬਾਬਾ ਨਾਨਕ ਦੇ ਡੇਰਾ ਪਠਾਣਾ ਪਿੰਡ ਵਿਚ ਪਿਛਲੇ ਦਸ ਦਿਨਾਂ ਤੋਂ ਜਾਰੀ ਗੁਰੂ ਕੇ ਲੰਗਰ ਦੀ ਸੇਵਾ ਤੋਂ ਬਾਅਦ ਹੁਣ ਦੂਜਾ ਰਾਹਤ ਕੇਂਦਰ ਅਜਨਾਲਾ ਵਿਖੇ ਰਮਦਾਸ ਰੋਡ 'ਤੇ ਸਥਾਪਿਤ ਕੀਤਾ ਗਿਆ ਹੈ | ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਵਲੋਂ ਸਟਾਫ ਭੇਜ ਕੇ ਪੰਜਾਬ ਦੇ ਹੜ੍ਹ ਪੀੜਤਾਂ ਦੇ ਲਈ ਲੰਗਰ ਸੇਵਾ ਚਲਾਈ ਜਾ ਰਹੀ ਹੈ | ਇਸ ਦੇ ਨਾਲ ਹੀ ਪੀਣ ਦਾ ਪਾਣੀ, ਦਵਾਈਆਂ, ਸੱੁਕਾ ਰਾਸ਼ਨ ਅਤੇ ਹੋਰ ਜ਼ਰੂਰਤ ਦਾ ਸਾਮਾਨ ਲਗਾਤਾਰ ਭੇਜਿਆ ਜਾ ਰਿਆ ਹੈ | ਉਨ੍ਹਾਂ ਕਿਹਾ ਕਿ ਕਮੇਟੀ ਅਹੁਦੇਦਾਰਾਂ ਤੇ ਪ੍ਰਬੰਧਕਾਂ ਦੇ ਨਾਲ ਹੋਰ ਕਮੇਟੀ ਮੈਂਬਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਮਦਦ ਪਹੁੰਚਾ ਰਹੇ ਹਨ | ਉਨ੍ਹਾਂ ਕਿਹਾ ਕਿ ਰਾਹਤ ਕੈਂਪ ਵਿਚ ਲੋੜੀਂਦਾ ਹਰ ਸਾਮਾਨ ਹੜ੍ਹ ਪੀੜ੍ਹਤਾਂ ਵਾਸਤੇ ਰੱਖਿਆ ਗਿਆ ਹੈ ਜੋ ਕਿਸ਼ਤੀਆਂ ਤੇ ਹੋਰ ਸਾਧਨਾਂ ਰਾਹੀਂ ਪਿੰਡਾਂ ਵਿਚ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਜਨਾਲਾ ਵਿਖੇ ਰਾਹਤ ਕੈਂਪ ਦੀ ਨਿਗਰਾਨੀ ਪੰਜਾਬ ਵਿਖੇ ਧਰਮ ਪ੍ਰਚਾਰ ਲਹਿਰ ਦੇ ਮੁਖੀ ਮਨਜੀਤ ਸਿੰਘ ਭੋਮਾ ਵਲੋਂ ਕੀਤੀ ਜਾਵੇਗੀ | ਸ. ਕਾਲਕਾ ਤੇ ਸ. ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਦੀਆਂ ਸੰਗਤਾਂ ਪੰਜਾਬ ਵਿਚ ਹੜ੍ਹਾਂ ਵਿਚ ਫਸੇ ਲੋਕਾਂ ਦੀ ਸੇਵਾ ਵਾਸਤੇ ਪੂਰੀ ਤਰ੍ਹਾਂ ਤਿਆਰ ਹਨ ਤੇ ਕਮੇਟੀ ਵਲੋਂ ਪਾਣੀ ਉਤਰਣ ਮਗਰੋਂ ਵੀ ਲੋਕਾਂ ਨੂੰ ਲੋੜੀਂਦੀ ਹਰ ਸੇਵਾ ਪ੍ਰਦਾਨ ਕੀਤੀ ਜਾਵੇਗੀ |