ਛੇਹਰਟਾ, 6 ਸਤੰਬਰ (ਪੱਤਰ ਪ੍ਰੇਰਕ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖਾਲਸਾ ਦੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਹੜ ਪ੍ਰਭਾਵਿਤ ਪਿੰਡ ਗੱਗੋਮਾਹਲ ਤੇ ਹੋਰਨਾਂ ਪਿੰਡਾਂ ਦੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੱਡੀ ਗਈ ਤੇ ਉਨ੍ਹਾਂ ਨੂੰ ਕੁਝ ਦਿਨਾਂ ਦੇ ਅੰਦਰ ਤਰਪਾਲਾਂ ਤੇ ਹੋਰ ਸਾਮਾਨ ਮੁਹਈਆ ਕਰਵਾਉਣ ਦਾ ਵਾਅਦਾ ਵੀ ਕੀਤਾ ਗਿਆ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕੋਟ ਖਾਲਸਾ ਦੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਜੋ ਵੀ ਹੜ੍ਹ ਪੀੜਤ ਉਨ੍ਹਾਂ ਕੋਲ ਆ ਰਹੇ ਹਨ, ਉਨ੍ਹਾਂ ਨੂੰ ਮੰਗ ਅਨੁਸਾਰ ਰਾਹਤ ਸਮੱਗਰੀ ਦਿੱਤੀ ਜਾ ਰਹੀ ਹੈ ਤੇ ਪਾਣੀ ਦੇ ਉਤਰਨ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਦਰਪੇਸ਼ ਆ ਰਹੀਆਂ ਹਰ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ ਤੇ ਕਿਸਾਨਾਂ ਨੂੰ ਬੀਜ ਤੇ ਡੀਜ਼ਲ ਮੁਹਈਆ ਕਰਵਾਇਆ ਜਾਵੇਗਾ ਤੇ ਮਜ਼ਦੂਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ | ਇਸ ਮੌਕੇ ਅਮਨਦੀਪ ਸਿੰਘ ਖਿਆਲੀਆ, ਖੁਸ਼ਬੀਰ ਸਿੰਘ, ਤੇਜਬੀਰ ਸਿੰਘ, ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜਰ ਸਨ |