ਅੰਮਿ੍ਤਸਰ, 6 ਸਤੰਬਰ (ਸਟਾਫ ਰਿਪੋਰਟਰ)-350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁ: ਧੁਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ (ਉੱਤਰ ਪ੍ਰਦੇਸ਼) ਤੋਂ ਚੱਲ ਕੇ ਰਾਤ ਨੂੰ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ (ਉਤਰਾਖੰਡ) ਵਿਖੇ ਪੁੱਜਾ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਗੁਰ-ਇਤਿਹਾਸ ਸਰਵਨ ਕਰਾਇਆ ਤੇ ਪ੍ਰਬੰਧਕਾਂ ਵਲੋਂ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ | ਇਹ ਨਗਰ ਕੀਰਤਨ ਗੁ: ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਤੋਂ ਆਰੰਭ ਹੋ ਕੇ ਸਾਹਗੜ, ਪੀਲੀਭੀਤ, ਮਝੋਲਾ, ਖਟੀਮਾ, ਝਨਕਟ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ (ਉਤਰਾਖੰਡ) ਵਿਖੇ ਪੁੱਜਾ | ਰਸਤੇ ਵਿਚ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਕੱਲ੍ਹ 7 ਸਤੰਬਰ ਨੂੰ ਸਵੇਰੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਬਰੇਲੀ ਲਈ ਰਵਾਨਾ ਹੋਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਬੰਧਕ ਜਗਜੀਤ ਸਿੰਘ, ਬਲਬੀਰ ਸਿੰਘ, ਡਾ. ਜੋਗਿੰਦਰ ਸਿੰਘ ਸਮੇਤ ਉੱਤਰ ਪ੍ਰਦੇਸ਼ ਤੇ ਉਤਰਾਖੰਡ ਦੀਆਂ ਹੋਰ ਸਥਾਨਕ ਸੰਗਤਾਂ ਹਾਜ਼ਰ ਸਨ |