ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਤਿਉਹਾਰਾਂ ਦੇ ਮੌਕੇ 'ਤੇ ਸ਼ਹਿਰ ਵਾਸੀਆਂ ਦੀਆਂ ਜਿੰਦਗੀਆਂ ਨਾਲ ਮਠਿਆਈਆਂ ਦੀਆਂ ਦੁਕਾਨਾਂ ਵਾਲਿਆਂ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ | ਮਿਲਾਵਟਖੋਰੀ ਨੂੰ ਰੋਕਣ ਲਈ ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਮਠਿਆਈਆਂ ਦੀਆਂ ਦੁਕਾਨਾਂ 'ਤੇ ਛਾਪੇ ਮਾਰ ਉਨ੍ਹਾਂ ਦੇ ਨਮੂਨੇ ਭਰੇ ਜਾਣਗੇ | ਮਿਲਾਵਟੀ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਮੇਅਰ ਭਾਟੀਆ ਨੇ ਕਿਹਾ ਕਿ ਆਮ ਹੀ ਦੇਖਣ ਵਿਚ ਆਇਆ ਹੈ ਕਿ ਤਿਉਹਾਰਾਂ ਦੇ ਮੌਕੇ 'ਤੇ ਮਠਿਆਈ ਵਾਲਿਆਂ ਵਲੋਂ ਹਲਕੇ ਮਿਆਰ ਦੀਆਂ ਮਠਿਆਈਆਂ ਤਿਆਰ ਕੀਤੀਆਂ ਹਨ ਜਿਸ ਵਿਚ ਕਈ ਤਰ੍ਹਾਂ ਦੀ ਮਿਲਾਵਟ ਕੀਤੀ ਜਾਂਦੀ ਹੈ | ਅਜਿਹੀ ਮਿਲਾਵਟਖੋਰੀ ਦਾ ਪਤਾ ਲਗਾਉਣ ਲਈ ਨਗਰ ਨਿਗਮ ਦੇ ਸਿਹਤ ਵਿਭਾਗ ਦੀਆ ਟੀਮਾਂ ਅਗਲੇ ਦਿਨਾਂ 'ਚ ਸ਼ਹਿਰ 'ਚ ਨਿਕਲਣਗੀਆਂ | ਉਨ੍ਹਾਂ ਕਿਹਾ ਕਿ ਇਸ ਦੇ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਜਾਵੇਗਾ | ਜੋ ਮਿਲਾਵਟਖੋਰਾਂ ਦੇ ਖ਼ਿਲਾਫ਼ ਸ਼ਿੰਕਜਾ ਕੱਸਣਗੀਆਂ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |