ਅੰਮਿ੍ਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਡਾ. ਕਵਲਜੀਤ ਸਿੰਘ (ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਅਤੇ ਅਕਾਸ਼ਬੀਰ ਸਿੰਘ ਵਿਸ਼ੇਸ਼ ਬੁਲਾਰੇ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਸੈਮੀਨਾਰ ਇਹੀ ਉਦੇਸ਼ ਨਾਲ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਸਾਡੇ ਜੀਵਨ 'ਚ ਸਾਨੂੰ ਆਪਣੇ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਸਿੰਘਾਂ ਦੀਆਂ ਸ਼ਹੀਦੀਆਂ ਦੀਆਂ ਸ਼ਤਾਬਦੀਆਂ ਮਨਾਉਣ ਦਾ ਸੁਭਾਗ ਮਿਲਿਆ ਹੈ | ਡਾ. ਕਵਲਜੀਤ ਸਿੰਘ ਨੇ 'ਗੁਰੂ ਤੇਗ਼ ਬਹਾਦਰ ਜੀ ਦੀ ਸਹਾਦਤ ਦਾ ਗੌਰਵ' ਵਿਸ਼ੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਜੀਵਨ ਕਥਾ ਅਨਿਆਂ ਦੇ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਸਿੱਖਿਆ ਦਿੰਦੀ ਹੈ | ਅਕਾਸ਼ਬੀਰ ਸਿੰਘ ਨੇ ਗੁਰੂ ਸਾਹਿਬ ਦੀ ਬਾਣੀ ਦੀ ਅੰਦਰੂਨੀ ਗਹਿਰਾਈ ਅਤੇ ਜੀਵਨ ਸੇਧਾਂ ਬਾਰੇ ਪ੍ਰਕਾਸ਼ ਪਾਇਆ ਅਤੇ ਕਿਹਾ ਕਿ ਗੁਰੂ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖ ਨੂੰ ਜੀਵਨ ਦੀ ਸਚਾਈਆਂ ਸਮਝਾਈਆਂ ਹਨ | ਇਸ ਮੌਕੇ ਕਈ ਸਕੂਲਾਂ ਅਤੇ ਕਾਲਜਾਂ ਦੇ ਪਿ੍ੰਸੀਪਲ, ਸਟਾਫ ਅਤੇ ਕਾਲਜ ਦਾ ਸਮੂਹ ਅਧਿਆਪਕ ਵਰਗ ਵੀ ਹਾਜ਼ਰ ਰਿਹਾ | ਸੈਮੀਨਾਰ ਦੇ ਅੰਤ 'ਚ ਮਹਿਮਾਨਾਂ ਨੂੰ ਕਾਲਜ ਪਿ੍ੰਸੀਪਲ ਅਤੇ ਸਟਾਫ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |