ਅੰਮਿ੍ਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-350 ਸਾਲਾ ਸ਼ਤਾਬਦੀ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਤਖਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ੇਸ਼ ਰੇਲ ਗੱਡੀ ਚਲਾਉਣ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ, ਸਕੱਤਰ ਹਰਬੰਸ ਸਿੰਘ ਤੇ ਮੀਡੀਆ ਸਕੱਤਰ ਸੁਦੀਪ ਸਿੰਘ ਸਮੇਤ ਸਮੁੱਚੀ ਕਮੇਟੀ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਹੈ | ਜਾਰੀ ਬਿਆਨ ਵਿਚ ਪ੍ਰਧਾਨ ਸੋਹੀ ਤੇ ਹੋਰ ਅਹੁਦੇਦਾਰਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਸੇਵਕਾਂ ਦਾ 350 ਸਾਲਾ ਸ਼ਹੀਦੀ ਦਿਹਾੜਾ ਦੇਸ਼ ਵਿਦੇਸ਼ ਵਿਚ ਸੰਗਤਾਂ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀਆਂ ਹਨ | ਰੇਲਵੇ ਰਾਜ ਮੰਤਰੀ ਸ. ਬਿੱਟੂ ਦੇ ਉਦਮ ਸਦਕਾ ਰੇਲਵੇ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ ਜੋ ਯੂ. ਪੀ., ਬਿਹਾਰ ਤੇ ਹੋਰ ਰਾਜਾਂ ਵਿਚੋਂ ਹੋ ਕੇ ਗੁਜ਼ਰੇਗੀ | ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਰੇਲ ਗੱਡੀ ਨੰਬਰ 03231 ਸ੍ਰੀ ਪਟਨਾ ਸਾਹਿਬ ਤੋਂ ਸ਼ੁਰੂ ਹੋ ਕੇ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ | ਉਨ੍ਹਾਂ ਦੱਸਿਆ ਕਿ ਵਾਪਸੀ 'ਤੇ ਰੇਲ ਗੱਡੀ ਨੰਬਰ 03232 ਉਸੇ ਦਿਨ, 25 ਨਵੰਬਰ ਨੂੰ ਵਾਪਿਸ ਸ੍ਰੀ ਆਨੰਦਪੁਰ ਸਾਹਿਬ ਤੋਂ ਚੱਲ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਪਹੁੰਚੇਗੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਦੋਹਾਂ ਤਖ਼ਤ ਸਾਹਿਬਾਨਾਂ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਇਸ ਵਿਸ਼ੇਸ਼ ਰੇਲ ਗੱਡੀ ਦਾ ਲਾਭ ਪ੍ਰਾਪਤ ਕਰਨ |