ਅੰਮਿ੍ਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਮੋਰਚਾ ਭਾਰਤ ਵਲੋਂ ਬਿਜਲੀ ਸੋਧ ਬਿੱਲ ਅਤੇ ਇਸ ਤਹਿਤ ਲੱਗ ਰਹੇ ਪ੍ਰੀਪੇਡ ਮੀਟਰਾਂ ਦੇ ਸੰਘਰਸ਼ ਤਹਿਤ ਅੱਜ ਪੰਜਾਬ ਭਰ ਦੇ ਡੀ. ਸੀ. ਦਫਤਰਾਂ ਮੂਹਰੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਡੀ. ਸੀ. ਦਫ਼ਤਰ ਅੰਮਿ੍ਤਸਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2025 ਕਿਸੇ ਹਾਲਤ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਜਾ ਰਹੇ ਧੱਕੇ ਖਿਲਾਫ ਵਿਧਾਨ ਸਭਾ 'ਚ ਸਰਬ ਪਾਰਟੀ ਸਹਿਮਤੀ ਨਾਲ ਇਸ ਬਿੱਲ ਦੇ ਖਿਲਾਫ ਮਤਾ ਪਾਸ ਕੀਤਾ ਜਾਵੇ, ਜਬਰੀ ਪ੍ਰੀਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ ਅਤੇ ਪਹਿਲਾਂ ਤੋਂ ਚਲਦੇ ਰਵਾਇਤੀ ਮੀਟਰ ਹੀ ਲਗਾਏ ਜਾਣ | ਉਨ੍ਹਾਂ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਮੋਰਚੇ ਦੇ ਟਰੈਕਟਰ, ਟਰਾਲੀਆਂ, ਫਿ੍ਜ਼ਾਂ, ਏਸੀ ਕੂਲਰ, ਸਿਲੰਡਰ ਆਦਿ ਲੁੱਟੇ ਗਏ ਸਾਮਾਨ ਦੀ ਸਰਕਾਰ ਭਰਪਾਈ ਕਰੇ | ਉਨ੍ਹਾਂ ਕਿਹਾ ਕਿ ਇਹ ਮੋਰਚੇ ਮੰਗ ਕਰ ਰਹੇ ਹਨ ਕਿ ਹੱਕੀ ਮੰਗਾਂ ਦੇ ਸੰਘਰਸ਼ ਦੌਰਾਨ ਦਿੱਲੀ ਕਿਸਾਨ ਅੰਦੋਲਨ 01, ਅੰਦੋਲਨ 02 ਅਤੇ ਪੰਜਾਬ ਅੰਦਰ ਚਲੇ ਘੋਲਾਂ ਸਮੇਂ ਬਹੁਤ ਸਾਰੇ ਕਿਸਾਨ ਆਗੂਆਂ ਅਤੇ ਵਰਕਰਾਂ ਉੱਤੇ ਦਰਜ ਕੀਤੇ ਕੇਸ ਤੁਰੰਤ ਵਾਪਸ ਲਏ ਜਾਣ, ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਜ਼ਖ਼ਮੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਇਹੀ ਵਰਤਾਰਾ ਰਹਿੰਦਾ ਹੈ ਤਾਂ 20 ਤੋਂ ਇਹ ਮੋਰਚਾ ਰੇਲ ਰੋਕੋ ਅੰਦੋਲਨ ਦੇ ਰੂਪ 'ਚ ਬਦਲ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਅੰਮਿ੍ਤਸਰ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ 2 ਦੌਰ ਦੀ ਵਾਰਤਾ ਕੀਤੀ ਗਈ ਪਰ ਇਹ ਗੱਲ ਸਪਸ਼ਟ ਹੈ ਕਿ ਮਸਲੇ ਦੇ ਹੱਲ ਲਈ ਲੰਬਾ ਸੰਘਰਸ਼ ਕਰਨਾ ਪਵੇਗਾ |