ਅੰਮਿ੍ਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿਦਿਅਕ ਕਾਰਗੁਜ਼ਾਰੀ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਤੋਂ ਜਾਣੰੂ ਕਰਵਾਉਣ ਲਈ 20 ਦਸੰਬਰ ਨੂੰ ਜ਼ਿਲ੍ਹਾ ਅੰਮਿ੍ਤਸਰ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ ਜਿਸ ਵਿਚ ਮਾਪਿਆਂ ਦੀ 100 ਫੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਅਤੇ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਸਾਂਝੇ ਤੌਰ 'ਤੇ ਕੀਤਾ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ 20 ਦਸੰਬਰ ਦਿਨ ਸ਼ਨੀਵਾਰ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਈ ਜਾ ਰਹੀ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੀ ਦਿਲਚਸਪ ਗਤੀਵਿਧੀਆਂ ਨਾਲ ਇਕ ਘੰਟੇ ਦੀ ਵਰਕਸ਼ਾਪ, ਵਿਦਿਆਰਥੀਆਂ ਦੇ ਹੁਣ ਤੱਕ ਦੀ ਸਮੁੱਚੀ ਕਾਰਗੁਜਾਰੀ, ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ, ਸਰਕਾਰੀ ਸਕੂਲਾਂ ਦੀ ਸਿੱਖਿਆ ਲਈ ਆਧੁਨਿਕ ਸਿੱਖਣ ਸਿਖਾਉਣ ਦੀਆਂ ਤਕਨੀਕਾਂ ਸੰਬੰਧੀ ਜਾਣਕਾਰੀ, ਅਧਿਆਪਕਾਂ ਤੇ ਮਾਪਿਆਂ ਵਿਚ ਸਿੱਧੇ ਆਪਸੀ ਸੰਪਰਕ ਰਾਹੀਂ ਗੱਲਬਾਤ ਦੌਰਾਨ ਵਿਦਿਆਰਥੀ ਦੀ ਫੀਡਬੈਕ, ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਨਵੇਂ ਦਾਖਲੇ ਨੂੰ ਵਧਾਉਣ ਸੰਬੰਧੀ ਗੱਲਬਾਤ ਦੇ ਨਾਲ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਜੀਰੋ ਡਰਾਪਆਊਟ ਤੇ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਸੰਬੰਧੀ ਵਿਚਾਰ ਚਰਚਾ ਹੋਵੇਗੀ | ਉਨ੍ਹਾਂ ਦੱਸਿਆ ਕਿ ਮੈਗਾ ਮਾਪੇ-ਅਧਿਆਪਕ ਮਿਲਣੀ ਸੰਬੰਧੀ ਵਿਭਾਗ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਇਸ ਲਈ ਰਣਨੀਤੀ ਤਿਆਰ ਕਰਦਿਆਂ ਮਾਪਿਆਂ ਨੂੰ ਵੱਧ ਵੱਧ ਤੋਂ ਸ਼ਮੂਲੀਅਤ ਕਰਨ ਲਈ ਸਕੂਲ ਪੱਧਰ 'ਤੇ ਡਿਜੀਟਲ ਅਤੇ ਹੱਥ ਲਿਖਤ ਸੱਦਾ ਪੱਤਰ ਭੇਜੇ ਜਾ ਰਹੇ ਹਨ | ਇਸ ਮੌਕੇ ਰਜੇਸ਼ ਖੰਨਾ ਅਤੇ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ (ਦੋਵੇਂ ਡਿਪਟੀ ਡੀ.ਈ.ਓ.), ਪਿ੍ੰਸੀਪਲ ਹਰਪ੍ਰੀਤਪਾਲ ਸਿੰਘ ਅਕਾਲਗੜ੍ਹ ਢਪਈਆਂ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਡਾ. ਰਾਜਨ ਡੀ.ਆਰ.ਸੀ., ਪਿ੍ੰਸੀਪਲ ਦੀਪਕ ਠੁਕਰਾਲ ਜ਼ਿਲ਼੍ਹਾ ਸਮਾਰਟ ਸਕੂਲ ਮੈਂਟਰ, ਰਜਿੰਦਰ ਸਿੰਘ ਏ.ਸੀ. ਸਮਾਰਟ ਸਕੂਲ, ਮੁਨੀਸ਼ ਕੁਮਾਰ ਮੇਘ, ਗੁਰਪ੍ਰੀਤ ਸਿੰਘ ਵਡਾਲੀ ਗੁਰੂ ਸਮੇਤ ਹੋਰ ਸਿੱਖਿਆ ਅਧਿਕਾਰੀ ਹਾਜ਼ਰ ਸਨ |