ਅੰਮਿ੍ਤਸਰ, 18 ਦਸੰਬਰ (ਰੇਸ਼ਮ ਸਿੰਘ)-ਸ੍ਰੀਮਤੀ ਜਤਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਸ੍ਰੀ ਅਮਰਦੀਪ ਸਿੰਘ ਬੈਂਸ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਜੇਲ੍ਹ ਦੇ ਕੰਮਕਾਜ, ਉਪਲਬਧ ਸਹੂਲਤਾਂ ਅਤੇ ਕੈਦੀਆਂ ਦੀ ਭਲਾਈ ਦੀ ਸਮੀਖਿਆ ਕੀਤੀ | ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੇਲ੍ਹ ਦੇ ਵੱਖ-ਵੱਖ ਹਿੱਸਿਆਂ ਦੀ ਵਿਸਥਾਰ ਨਾਲ ਜਾਂਚ ਕੀਤੀ, ਜਿਸ ਵਿਚ ਬੈਰਕਾਂ, ਰਸੋਈਘਰ, ਇਲਾਜ ਸਹੂਲਤਾਂ (ਹਸਪਤਾਲ), ਸਫ਼ਾਈ ਪ੍ਰਬੰਧਾਂ, ਮਹਿਲਾ ਬੈਰਕਾਂ ਅਤੇ ਸੁਰੱਖਿਆ ਪ੍ਰਬੰਧ ਸ਼ਾਮਿਲ ਸਨ | ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾ ਰਹੇ ਭੋਜਨ ਦੀ ਗੁਣਵੱਤਾ, ਪੀਣ ਯੋਗ ਪਾਣੀ ਦੀ ਉਪਲਬਧਤਾ, ਰਹਿਣ ਸਥਾਨਾਂ ਦੀ ਸਫ਼ਾਈ ਅਤੇ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ | ਕੈਦੀਆਂ ਲਈ ਮਨੁੱਖੀ ਰਹਿਣ-ਸਹਿਣ ਦੀਆਂ ਸਥਿਤੀਆਂ ਯਕੀਨੀ ਬਣਾਉਣ ਅਤੇ ਜੇਲ੍ਹ ਪ੍ਰਸ਼ਾਸਨ ਨਾਲ ਸੰਬੰਧਿਤ ਕਾਨੂੰਨੀ ਪ੍ਰਾਵਧਾਨਾਂ ਦੀ ਪਾਲਣਾ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਉਨ੍ਹਾਂ ਜੇਲ੍ਹ ਅੰਦਰ ਬੰਦ ਹਵਾਲਾਤੀ ਅਤੇ ਸਜ਼ਾ ਯਾਫ਼ਤਾ ਕੈਦੀਆਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕੀਤੀ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜਿੱਥੇ ਲੋੜ ਸੀ ਉਥੇ ਤੁਰੰਤ ਨਿਵਾਰਣ ਲਈ ਜੇਲ੍ਹ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਨੇ ਹਵਾਲਾਤੀ ਕੈਦੀਆਂ ਨੂੰ ਸਮੇਂ ਸਿਰ ਅਦਾਲਤਾਂ ਵਿਚ ਪੇਸ਼ ਕਰਨ ਅਤੇ ਅਦਾਲਤੀ ਹੁਕਮਾਂ ਦੀ ਪਾਲਣਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ |
ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ •ਸਾਫ ਸਫਾਈ ਪ੍ਰਬੰਧਾਂ ਦੀ ਕੀਤੀ ਸਮੀਖਿਆ ਤੇ ਕੈਦੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ
ਅਜੀਤ ਡੈਸਕ
19-12-2025