ਅੰਮਿ੍ਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਚੱਲ ਰਹੇ ਕੈਲੰਡਰ ਵਿਵਾਦ ਦੌਰਾਨ ਇਸ ਸਾਲ 2025 'ਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ | ਇਸ ਤੋਂ ਪਹਿਲਾਂ ਇਸੇ ਸਾਲ 6 ਜਨਵਰੀ ਨੂੰ ਵੀ ਗੁਰੂ ਸਾਹਿਬ ਦਾ 358ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ | ਦਸਵੇਂ ਪਾਤਿਸ਼ਾਹ ਦੇ 359ਵੇਂ ਪ੍ਰਕਾਸ਼ ਪੁਰਬ ਦੇ ਅਵਸਰ 'ਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਸਵੇਰੇ ਪਈ ਸੰਘਣੀ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ | ਸਕੂਲਾਂ ਕਾਲਜਾਂ ਵਿਚ ਚੱਲ ਰਹੀਆਂ ਸਰਦੀਆਂ ਦੀਆਂ ਛੁੱਟੀਆਂ ਕਾਰਣ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਦੂਜੇ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਜਾਰੀ ਰਹੀ | ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜੀ ਵਿਖੇ ਸਵੇਰ ਤੋਂ ਦੁਪਹਿਰ ਤੱਕ ਜਲੌਅ ਸਜਾਏ ਗਏ, ਜਿਸ ਦੌਰਾਨ ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਦਸਤੇ ਵਾਲੀਆਂ ਸੋਨੇ ਦੀਆਂ ਕਹੀਆਂ, ਚਾਂਦੀ ਦੇ ਬਾਟੇ, ਸੁੱਚੇ ਮੋਤੀਆਂ ਦੀ ਮਾਲਾ, ਜੜਾਊ ਛਤਰ, ਨੀਲਮ ਦੀ ਗਰਦਨ ਵਾਲਾ ਸੋਨੇ ਮੋਰ, ਜੜਾਊ ਸਿਹਰਾ ਤੇ ਸ਼ੇਰੇ ਪੰਜਾਬ ਦੀ ਸ੍ਰੀ ਸਾਹਿਬ ਸਮੇਤ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਇਤਿਹਾਸਕ ਤੇ ਬੇਸ਼ਕੀਮਤੀ ਵਸਤੂਆਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ | ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਕੀਤੀ ਗਈ ਦੀਪਮਾਲਾ ਤੋਂ ਇਲਾਵਾ ਸ਼ਰਧਾਲੂਆਂ ਵਲੋਂ ਵੀ ਪਾਵਨ ਸਰੋਵਰ ਕਿਨਾਰੇ ਰਵਾਇਤੀ ਦੀਵੇ ਬਾਲ ਕੇ ਪ੍ਰਕਾਸ਼ ਪੁਰਬ ਸਬੰਧੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਪਰ ਇਸ ਵਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅਤੇ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਇੱਕੋ ਦਿਨ ਆਉਣ ਕਾਰਣ ਸ਼ੋ੍ਰਮਣੀ ਕਮੇਟੀ ਵਲੋਂ ਪਹਿਲਾਂ ਤੋਂ ਚੱਲੀ ਆਉਂਦੀ ਰਵਾਇਤ ਅਨੁਸਾਰ ਆਤਿਸ਼ਬਾਜੀ ਨਹੀਂ ਚਲਾਈ ਗਈ | ਇਸ ਦੀ ਪੁਸ਼ਟੀ ਸ੍ਰੀ ਦਰਬਾਰ ਸਾਹਿਬ ਦੇ ਇੱਕ ਮੈਨੇਜਰ ਵਲੋਂ ਵੀ ਕੀਤੀ ਗਈ | ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਹਜ਼ੂਰੀ ਰਾਗੀ ਜਥੇ ਨੇ ਸ਼ਬਦ ਕੀਰਤਨ ਗਾਇਣ ਕੀਤਾ ਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ | ਇਸ ਮੌਕੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਬਿਕਰਮਜੀਤ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਹੋਰ ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ | ਇਸ ਉਪ੍ਰੰਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਨੇ ਸੰਗਤਾਂ ਨੂੰ ਦਸਵੇਂ ਗੁਰੂ ਸਾਹਿਬ ਦਾ ਜੀਵਨ ਇਤਿਹਾਸ ਸਰਵਣ ਕਰਾਇਆ |