ਅੰਮਿ੍ਤਸਰ, 29 ਦਸੰਬਰ (ਗਗਨਦੀਪ ਸ਼ਰਮਾ)-ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹੇ ਭਰ 'ਚੋਂ ਪੁੱਜੇ ਸੈਂਕੜੇ ਨਰੇਗਾ ਮੁਲਾਜ਼ਮਾਂ ਵਲੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਦਫ਼ਤਰ ਤੋਂ ਲੈ ਕੇ ਕਿਚਲੂ ਚੌਂਕ ਤੱਕ ਰੋਸ ਮਾਰਚ ਕੱਢਿਆ ਗਿਆ, ਉਪਰੰਤ 'ਜੀ ਰਾਮ ਜੀ' ਕਾਨੂੰਨ ਦੀਆਂ ਕਾਪੀਆਂ ਸਾੜਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾ ਆਗੂ ਹਰਿੰਦਰਪਾਲ ਸਿੰਘ ਜੋਸਨ ਅਤੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਨੇ ਕਿਹਾ ਕਿ 20 ਸਾਲ ਪੁਰਾਣੇ ਕੌਮੀ ਦਿਹਾਤੀ ਰੁਜ਼ਗਾਰ ਗਰੰਟੀ ਕਾਨੂੰਨ-2005 ਦੀ ਜਗ੍ਹਾ ਵਿਕਸਤ ਭਾਰਤ ਗਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਨ) ਲਿਆ ਕੇ ਨਰੇਗਾ ਵਿਚ ਵੱਡੇ ਬਦਲਾਅ ਕੀਤੇ ਗਏ ਹਨ | ਉਨ੍ਹਾਂ ਦੋਸ਼ ਲਗਾਉਂਦੇ ਕਿਹਾ ਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਸੂਬਾ ਸਰਕਾਰਾਂ 'ਤੇ 40% ਹਿੱਸੇਦਾਰੀ ਦਾ ਵਾਧੂ ਬੋਝ ਪੈਣ ਕਾਰਨ ਬਵਾਲ ਮੱਚ ਗਿਆ ਹੈ, ਉੱਥੇ ਪਿਛਲੇ 16-17 ਸਾਲਾਂ ਤੋਂ ਨਰੇਗਾ ਸਕੀਮ ਨੂੰ ਜਮੀਨੀਂ ਪੱਧਰ ਤੱਕ ਲਾਗੂ ਕਰਨ ਵਾਲੇ ਸੂਬੇ ਦੇ ਲਗਭਗ 2100 ਨਰੇਗਾ ਮੁਲਾਜ਼ਮਾਂ ਦਾ ਭਵਿੱਖ ਖ਼ਤਮ ਹੋਣ ਦੇ ਕੰਢੇ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ 'ਜੀ ਰਾਮ ਜੀ' ਕਾਨੂੰਨ ਰੱਦ ਕਰਨ ਅਤੇ ਸੂਬਾ ਸਰਕਾਰ ਨੂੰ ਅੱਜ 30 ਦਸੰਬਰ ਨੂੰ ਹੋਣ ਜਾ ਰਹੇ ਵਿਸ਼ੇਸ਼ ਇਜਲਾਸ ਦੌਰਾਨ ਨਰੇਗਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ 'ਤੇ ਜ਼ੋਰ ਦਿੱਤਾ | ਉਨ੍ਹਾਂ ਨਾਲ ਇਹ ਚੇਤਾਵਨੀ ਵੀ ਦਿੱਤੀ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਕੇਂਦਰ ਅਤੇ ਸੂਬਾ ਸਰਕਾਰ ਦੇ ਵਿਰੁੱਧ ਸੂਬਾ ਪੱਧਰੀ ਰੋਸ ਮੁਜ਼ਾਹਰੇ ਕੀਤੇ ਜਾਣਗੇ | ਇਸ ਮੌਕੇ ਨਵਜੋਤ ਕੁਮਾਰ, ਰਵਿੰਦਰ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਹੀਰਾ ਸਿੰਘ, ਬਿਕਰਮ ਸਿੰਘ, ਹਰਵਿੰਦਰ ਸਿੰਘ ਬੰਬ, ਰਸ਼ਪਾਲ ਸਿੰਘ, ਵਿਸ਼ਾਲ ਸਿੰਘ, ਰਮਨਦੀਪ ਸਿੰਘ, ਰਣਜੀਤ ਸਿੰਘ, ਸੁਖਰਾਜ ਸਿੰਘ ਅਤੇ ਜ਼ਿਲ੍ਹੇ ਦੇ ਸਮੂਹ ਨਰੇਗਾ ਮੁਲਾਜ਼ਮ ਅਤੇ ਨਰੇਗਾ ਲੇਬਰ ਆਦਿ ਹਾਜ਼ਰ ਸੀ |
ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਕੇਂਦਰ ਤੇ ਸੂਬਾ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਨਰੇਗਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਕਾਰਕੁੰਨ | ਤਸਵੀਰ : ਨਿਰਮਲ ਸਟੂਡੀਓ<br/>
30-12-2025