ਤਰਨ ਤਾਰਨ, 1 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫੌਜੀ ਹਮਲੇ, ਜਿਸਨੂੰ ਸਾਕਾ ਨੀਲਾ ਤਾਰਾ ਵਜੋਂ ਜਾਣਿਆ ਜਾਂਦਾ ਹੈ, ਦੀ 41ਵੀਂ ਬਰਸੀ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਇਸ ਹਮਲੇ ਨੂੰ ਸਿੱਖ ਕੌਮ ਦੇ ਹਿਰਦਿਆਂ 'ਤੇ ਨਾ ਮਿਟਣ ਵਾਲਾ ਜ਼ਖ਼ਮ ਕਰਾਰ ਦਿੱਤਾ ਹੈ | ਬ੍ਰਹਮਪੁਰਾ ਨੇ ਕਿਹਾ ਕਿ ਅੱਜ ਤੋਂ 41 ਸਾਲ ਪਹਿਲਾਂ 1 ਜੂਨ 1984 ਨੂੰ ਭਾਰਤੀ ਫੌਜ ਵਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤਾ ਗਿਆ ਹਮਲਾ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਸਿੱਖ ਵਿਰੋਧੀ ਸੋਚ ਦਾ ਸਿਖਰ ਸੀ | ਇਹ ਹਮਲਾ ਸਿਰਫ਼ ਇਮਾਰਤਾਂ 'ਤੇ ਨਹੀਂ, ਸਗੋਂ ਸਿੱਖਾਂ ਦੀ ਆਨ, ਸ਼ਾਨ, ਇਤਿਹਾਸ ਤੇ ਸਾਡੇ ਗੁਰੂਆਂ ਵਲੋਂ ਬਖਸ਼ੀ ਜੀਵਨ-ਜਾਚ 'ਤੇ ਸਿੱਧਾ ਹਮਲਾ ਸੀ | ਇਸ ਘੱਲੂਘਾਰੇ ਵਿਚ ਹਜ਼ਾਰਾਂ ਨਿਰਦੋਸ਼ ਸਿੱਖ ਸ਼ਰਧਾਲੂ ਸ਼ਹੀਦ ਹੋਏ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਅਨਮੋਲ ਖਜ਼ਾਨਾ ਤਬਾਹ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਾਡੇ ਲਈ ਇਕ ਮਹਾਨ ਸ਼ਹੀਦ ਅਤੇ ਸੰਤ ਸਿਪਾਹੀ ਸਨ, ਜਿਨ੍ਹਾਂ ਨੇ ਸਿੱਖੀ ਸਿਧਾਂਤਾਂ ਦੀ ਰਾਖੀ ਤੇ ਕੌਮ ਦੇ ਹੱਕਾਂ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ | ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਖਤਮ ਕਰਨ ਦੇ ਨਾਂਅ 'ਤੇ ਸਮੁੱਚੀ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ | ਬ੍ਰਹਮਪੁਰਾ ਨੇ ਕਾਂਗਰਸ ਪਾਰਟੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਸ ਘਿਨਾਉਣੇ ਅਪਰਾਧ ਲਈ ਮੁੱਖ ਤੌਰ 'ਤੇ ਜਿੰਮੇਵਾਰ ਹੈ | ਅਸੀਂ ਮੰਗ ਕਰਦੇ ਹਾਂ ਕਿ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਉਨ੍ਹਾਂ ਆਗੂਆਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇ, ਜੋ ਉਸ ਸਮੇਂ ਇਸ ਜ਼ੁਲਮ ਵਿਚ ਭਾਈਵਾਲ ਸਨ ਜਾਂ ਚੁੱਪ ਵੱਟ ਕੇ ਇਸ ਨੂੰ ਸਹਿਮਤੀ ਦਿੰਦੇ ਰਹੇ | ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਏਕਤਾ ਬਣਾ ਕੇ ਰੱਖਣ ਅਤੇ ਇਨਸਾਫ਼ ਦੀ ਇਸ ਲੜਾਈ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਜਾਰੀ ਰੱਖਣ | ਉਨ੍ਹਾਂ ਕਿਹਾ ਕਿ ਸਾਡਾ ਸੰਘਰਸ਼ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਤੱਕ ਜਾਰੀ ਰਹੇਗਾ |