ਭਿੱਖੀਵਿੰਡ, 3 ਜੂਨ (ਬੌਬੀ)-ਖੇਮਕਰਨ ਹਲਕੇ ਦੇ ਪਿੰਡ ਚੇਲਾ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਜਜਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਸਰਪੰਚ 'ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ, ਜਦੋਂ ਉਹ ਪਿੰਡ ਦੀ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਖਾਲੀ ਕਰਵਾਉਣ ਗਿਆ ਸੀ | ਹਮਲੇ ਵਿਚ ਜ਼ਖ਼ਮੀ ਹੋਏ ਸਰਪੰਚ ਪ੍ਰਭਜੀਤ ਸਿੰਘ ਨੂੰ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਿੱਖੀਵਿੰਡ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ | ਇਸ ਸੰਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਜੱਜਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਪਿੰਡ ਦੀ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ | ਜਦੋਂ ਪੰਚਾਇਤ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਖਾਲੀ ਕਰਵਾਉਣ ਗਈ ਤਾਂ ਉਕਤ ਵਿਅਕਤੀ ਨੇ ਸਰਪੰਚ ਪ੍ਰਭਜੀਤ ਸਿੰਘ 'ਤੇ ਜਾਨੋਂ ਮਾਰਨ ਦੇ ਇਰਾਦੇ ਨਾਲ ਗੋਲੀਬਾਰੀ ਕਰ ਦਿੱਤੀ | ਹਮਲੇ ਵਿਚ ਗੰਭੀਰ ਜ਼ਖ਼ਮੀ ਹੋਏ ਸਰਪੰਚ ਨੂੰ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪਿੰਡ ਵਾਸੀਆਂ ਨੇ ਸਰਪੰਚ 'ਤੇ ਜਾਨੋ ਮਾਰਨ ਦੇ ਇਰਾਦੇ ਨਾਲ ਗੋਲੀਬਾਰੀ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਿੱਖੀਵਿੰਡ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਸਰਪੰਚ ਨੂੰ ਗੋਲੀ ਮਾਰਨ ਦੇ ਮਾਮਲੇ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਦੀਆਂ ਗੱਡੀਆਂ ਅੱਗੇ ਧਰਨਾ ਦੇ ਕੇ ਵਿਰੋਧ ਪ੍ਰਦਰਸ਼ਨ ਕੀਤਾ | ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਜੱਜਬੀਰ ਸਿੰਘ ਅਤੇ ਉਸਦੇ ਪਿਤਾ ਪੰਚਾਇਤੀ ਜ਼ਮੀਨ 'ਤੇ ਖੇਤੀ ਕਰ ਰਹੇ ਹਨ | ਜੋ ਕਿ ਅਸਲ ਵਿਚ ਪਿੰਡ ਚੇਲਾ ਦੀ ਪੰਚਾਇਤੀ ਜ਼ਮੀਨ ਹੈ | ਉਨ੍ਹਾਂ ਕਿਹਾ ਕਿ ਅੱਜ ਜਦੋਂ ਸਰਪੰਚ ਅਤੇ ਪਿੰਡ ਵਾਸੀਆਂ ਨੇ ਪੰਚਾਇਤੀ ਜ਼ਮੀਨ ਖਾਲੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੱਜਬੀਰ ਸਿੰਘ ਗਰੁੱਪ ਨੇ ਆਪਣੇ ਹਥਿਆਰਬੰਦ ਬੰਦਿਆਂ ਨੂੰ ਬੁਲਾ ਕੇ ਸਰਪੰਚ ਪ੍ਰਭਜੀਤ ਸਿੰਘ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਵਿਚ ਇਕ ਗੋਲੀ ਸਰਪੰਚ ਨੂੰ ਲੱਗੀ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ | ਪਿੰਡ ਵਾਸੀਆਂ ਨੇ ਕਿਹਾ ਕਿ ਕਿਸਾਨ ਸੰਗਠਨ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਝੰਡਾ ਚੁੱਕਦੇ ਹਨ, ਪਰ ਇੱਥੇ ਜੱਜਬੀਰ ਸਿੰਘ ਗਰੁੱਪ ਦੇ ਸਮਰਥਨ ਵਿਚ ਇਕੱਠੇ ਹੋਏ ਕਿਸਾਨ ਸੰਗਠਨ ਝੂਠ ਦਾ ਸਮਰਥਨ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਗ਼ਲਤ ਅਤੇ ਮੰਦਭਾਗਾ ਹੈ | ਪਿੰਡ ਵਾਸੀਆਂ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਜੱਜਬੀਰ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ | ਦੂਜੇ ਪਾਸੇ ਇਸ ਮਾਮਲੇ ਵਿਚ ਗੱਲਬਾਤ ਕਰਦਿਆਂ ਸਬ-ਡਵੀਜ਼ਨ ਬੀਚ ਈਵੈਂਟ ਦੇ ਡੀ.ਐ?ਸ.ਪੀ. ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਸਰਪੰਚ ਪ੍ਰਭਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਗੋਲੀ ਲੱਗੀ ਹੈ | ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ |