ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਸ਼ਰਮਾ, ਐੱਸ.ਡੀ.ਐੱਮ. ਅਰਵਿੰਦਰਪਾਲ ਸਿੰਘ, ਸਹਾੲਕਿ ਕਮਿਸ਼ਨਰ ਜਨਰਲ ਡਾ. ਕਰਨਬੀਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਭਿਨਵ ਗੋਇਲ, ਐਕਸੀਅਨ ਸੈਨੀਟੇਸ਼ਨ ਤੇ ਜਲ ਸਪਲਾਈ ਸਿਮਰਨਜੀਤ ਸਿੰਘ ਅਤੇ ਸਮੂਹ ਬੀ. ਡੀ. ਪੀ. ਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ, ਸ਼ਹਿਰੀ ਵਿਕਾਸ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਭੇਜੇ ਜਾਣ, ਤਾਂ ਜੋ ਇਸ ਦੀ ਰਿਪੋਰਟ ਸਮੇਂ ਸਿਰ ਸਰਕਾਰ ਨੂੰ ਭੇਜੀ ਜਾ ਸਕੇ | ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਹੁਣ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਦੇਰੀ ਨਾ ਹੋਵੇ | ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ 'ਚ ਤੇਜ਼ੀ ਲਿਆਉਣਾ ਹੈ |