ਹਰੀਕੇ ਪੱਤਣ, 1 ਸਤੰਬਰ (ਸੰਜੀਵ ਕੁੰਦਰਾ)-ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਬ-ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ | ਉਨ੍ਹਾਂ ਲੋੜਵੰਦ ਲੋਕਾਂ ਨੂੰ ਰਾਸ਼ਨ, ਫੂਡ ਕਿੱਟਾਂ, ਪਾਣੀ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਫੀਡ ਤੇ ਚਾਰੇ ਦਾ ਪ੍ਰਬੰਧ ਵੀ ਕੀਤਾ | ਕੈਬਨਿਟ ਮੰਤਰੀ ਪ੍ਰਭਾਵਿਤ ਲੋਕਾਂ ਤੱਕ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਮੈਂ ਕੁਦਰਤੀ ਆਫ਼ਤ ਦੀ ਇਸ ਮੁਸ਼ਕਲ ਦੀ ਘੜੀ ਵਿਚ ਹਰ ਵਕਤ ਤੁਹਾਡੇ ਨਾਲ ਖੜ੍ਹਾ ਹਾਂ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਇਸ ਬਿਪਤਾ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਕਰਕੇ ਵਾਪਰੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਹਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ, ਤਾਂ ਜੋ ਉਨ੍ਹਾਂ ਨੂੰ ਲੋੜੀਂਦੀ ਮਦਦ ਪਹੁੰਚਾਈ ਜਾ ਸਕੇ | ਉਨ੍ਹਾਂ ਕਿਹਾ ਕਿ ਹਲਕੇ ਦੇ ਪਾਣੀ ਦੀ ਮਾਰ ਹੇਠ ਆਏ ਖੇਤਰਾਂ ਵਿਚ ਉਹ 'ਆਪ' ਰਾਸ਼ਨ ਸਮੱਗਰੀ ਲੋਕਾਂ ਤੱਕ ਲੈ ਕੇ ਪਹੁੰਚ ਰਹੇ ਹਨ, ਤਾਂ ਜੋ ਕਿਸੇ ਨੂੰ ਵੀ ਇਸ ਮੁਸ਼ਕਿਲ ਦੀ ਘੜੀ ਵਿਚ ਖਾਣ-ਪੀਣ ਦੀ ਵਸਤੂਆਂ ਨੂੰ ਲੈ ਕੇ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਮਨੁੱਖੀ ਆਬਾਦੀ ਦੇ ਨਾਲ-ਨਾਲ ਪਸ਼ੂਆਂ ਲਈ ਵੀ ਉਹ ਫੀਡ, ਚਾਰਾ ਆਦਿ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਬੇਜ਼ੁਬਾਨਾ ਦੀ ਵੀ ਬਿਹਤਰ ਢੰਗ ਨਾਲ ਸੰਭਾਲ ਹੋ ਸਕੇ ਅਤੇ ਉਨ੍ਹਾਂ ਦੇ ਮਾਲੀ ਨੁਕਸਾਨ ਤੇ ਫ਼ਸਲਾਂ ਦੇ ਹੋਏ ਖਰਾਬੇ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ | ਇਸ ਮੌਕੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ | ਇਸ ਉਪਰੰਤ ਕੈਬਨਿਟ ਮੰਤਰੀ ਵਲੋਂ ਕਸਬਾ ਹਰੀਕੇ ਨੇੜੇ੍ਹ ਪਿੰਡ ਕਿੜੀਆਂ ਵਿਖੇ ਦਰਿਆ ਬਿਆਸ ਦੀ ਮਾਰ ਕਾਰਨ ਵੱਡੇ ਪੱਧਰ 'ਤੇ ਜ਼ਮੀਨ ਨੂੰ ਲੱਗੀ ਢਾਹ ਦਾ ਜ਼ਇਜਾ ਲੈਣ ਲਈ ਪਹੁੰਚੇ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ |
ਕੈਬਨਿਟ ਮੰਤਰੀ ਭੁੱਲਰ ਬਿਆਸ ਦੀ ਮਾਰ ਕਾਰਨ ਜ਼ਮੀਨ ਨੂੰ ਲੱਗੀ ਢਾਹ ਦਾ ਜਾਇਜ਼ਾ ਲੈਣ ਪਹੁੰਚੇ
ਅਜੀਤ ਡੈਸਕ
02-09-2025