ਤਰਨ ਤਾਰਨ, 1 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ ਦੇਸੀ ਸਮੇਤ ਮੈਗਜੀਨ ਅਤੇ ਇਕ ਕਾਰਤੂਸ ਬਰਾਮਦ ਕੀਤਾ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਸੁਹਾਵਾ ਮੋੜ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਣਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਦਦੇਹਰ ਸਾਹਿਬ ਪਾਇਸ ਨਾਜਾਇਜ਼ ਪਿਸਟਲ ਹੈ, ਜਿਸ ਨਾਲ ਉਹ ਲੁੱਟਾਂ-ਖੋਹਾਂ ਕਰਦਾ ਹੈ ਅਤੇ ਹੁਣ ਵੀ ਵਾਰਦਾਤ ਦੀ ਤਾਗ ਵਿਚ ਪੁੱਲ ਸੂਆ ਸੁਹਾਵਾ ਮੌਜੂਦ ਹੈ, ਤਾਂ ਤੁਰੰਤ ਕਾਰਵਾਈ ਕਰਦਿਆੰ ਉਨ੍ਹਾਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 30 ਬੋਰ ਦੇਸੀ ਸਮੇਤ ਮੈਗਜੀਨ ਅਤੇ ਇਕ ਕਾਰਤੂਸ 30 ਬੋਰ ਬਰਾਮਦ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |