ਝਬਾਲ, 2 ਸਤੰਬਰ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਵਿਖੇ ਹੜ੍ਹ ਪੀੜਤਾਂ ਲਈ 24 ਘੰਟੇ ਮੁਫ਼ਤ ਐਮਰਜੈਂਸੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਇਰੈਕਟਰ ਡਾਕਟਰ ਗੁਰਲਾਲ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚੋਂ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਤੇ ਐਂਬੂਲੈਂਸ ਸੇਵਾਵਾ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮੀਂਹ ਦੇ ਗੰਦੇ ਪਾਣੀ ਦੀ ਬਦਬੂ, ਮਰੇ ਹੋਏ ਜਨਵਰਾਂ ਕਰਕੇ ਵਿਗੜੀ ਆਬੋ -ਹਵਾ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਦੇ ਮੱਦੇਨਜ਼ਰ ਡਾਕਟਰੀ ਸਹਾਇਤਾ ਲਈ ਹਸਪਤਾਲ ਵਿਚ ਮੁਫ਼ਤ ਦਵਾਈਆਂ ਸਹੂਲਤਾਂ ਉਪਲਬਧ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜ਼ੇਕਰ ਜ਼ਰੂਰਤ ਪੈਂਦੀ ਹੈ ਤਾਂ ਹਸਪਤਾਲ ਤਰਫੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਚੈਕਅੱਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਮੌਕੇ ਸੁਪਰਵਾਈਜ਼ਰ ਸੁਰਿੰਦਰ ਸਿੰਘ ਚੂਸਲੇਵੜ, ਜਸਪਾਲ ਸਿੰਘ ਨੌਸ਼ਹਿਰਾ, ਡਾਕਟਰ ਗੁਰਪ੍ਰੀਤ ਸਿੰਘ ਭੁੱਲਰ, ਡਾਕਟਰ ਬਲਜੀਤ ਸਿੰਘ, ਡਾਕਟਰ ਚੰਦਰ ਸ਼ੇਖਰ, ਡਾਕਟਰ ਸਾਹਿਲ ਸਮੇਂਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ |