ਤਰਨ ਤਾਰਨ, 2 ਸਤੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਵਿਚ ਹੜ੍ਹਾਂ ਕਾਰਨ ਹੋ ਰਹੇ ਵਿਆਪਕ ਨੁਕਸਾਨ ਨੂੰ ਵੇਖਦੇ ਹੋਏ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਹਾਇਕ ਕਮਿਸ਼ਨਰ ਜਨਰਲ ਕਰਨਵੀਰ ਸਿੰਘ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਫੈਡਰੇਸ਼ਨ ਦੇ ਜ਼ਿਲ੍ਹਾ ਕਨਵੀਨਰ ਕੰਵਰਦੀਪ ਸਿੰਘ ਢਿੱਲੋਂ ਨੇ ਆਖਿਆ ਕਿ ਜਿੱਥੇ ਪੰਜਾਬ ਸਰਕਾਰ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਰੋਕਣ ਅਤੇ ਪੀੜਤ ਲੋਕਾਂ ਨੂੰ ਰਾਹਤ ਦੇਣ ਵਿੱਚ ਅਸਫ਼ਲ ਰਹੀ ਹੈ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਵੀ ਇਸ ਸਥਿਤੀ ਨਾਲ ਨਿਪਟਣ ਲਈ ਪੰਜਾਬ ਨੂੰ ਕਿਸੇ ਪ੍ਰਕਾਰ ਦਾ ਵਿੱਤੀ ਪੈਕੇਜ ਨਹੀਂ ਦਿੱਤਾ ਗਿਆ | ਫੈਡਰੇਸ਼ਨ ਦੇ ਆਗੂਆਂ ਨੇ ਆਖਿਆ ਕਿ ਸੂਬਾ ਕਮੇਟੀ ਦੇ ਫੈਸਲੇ ਤਹਿਤ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਮੱਦਦ ਲਈ ਤਰਨ ਤਾਰਨ ਜ਼ਿਲ੍ਹੇ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਸਹਾਇਤਾ ਇਕੱਤਰ ਕੀਤੀ ਜਾ ਰਹੀ ਹੈ ਤਾਂ ਕਿ ਸੂਬਾ ਕਮੇਟੀ ਰਾਹੀਂ ਪ੍ਰਭਾਵਿਤ ਇਲਾਕਿਆਂ ਵਿਚ ਭੇਜੀ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ, ਜਨਰਲ ਸਕੱਤਰ ਅਮਰਦੀਪ ਸ਼ਰਮਾ, ਵਿੱਤ ਸਕੱਤਰ ਭੁਪਿੰਦਰ ਸਿੰਘ ਨਾਗੀ, ਪ੍ਰੈੱਸ ਸਕੱਤਰ ਪਿ੍ੰਸਦੀਪ ਸਿੰਘ, ਜਸਕੀਰਤ ਸਿੰਘ, ਅਮਨਿੰਦਰ ਸਿੰਘ ਨੂਰਦੀ, ਅਮਰਿੰਦਰ ਸਿੰਘ, ਸਰਬਜੀਤ ਸਿੰਘ, ਇੰਦਰਬੀਰ ਸਿੰਘ, ਗੁਰਬਾਜ਼ ਸਿੰਘ, ਗੁਰਪ੍ਰੀਤ ਸਿੰਘ ਹੈੱਡ, ਗੁਰਪ੍ਰੀਤ ਸਿੰਘ, ਲੈਕਚਰਾਰ ਸਵਿੰਦਰ ਸਿੰਘ ਸੰਧੂ, ਲੈਕਚਰਾਰ ਸੁਰਿੰਦਰ ਨਾਥ, ਜਸਵੰਤ ਸਿੰਘ ਮੈਥ ਮਾਸਟਰ ਆਦਿ ਵੀ ਹਾਜ਼ਰ ਸਨ |