ਤਰਨ ਤਾਰਨ, 2 ਸਤੰਬਰ (ਹਰਿੰਦਰ ਸਿੰਘ)-ਕੁਝ ਵਿਅਕਤੀਆਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਪ੍ਰੇਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਕਮਾਲਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਚਰਨਜੀਤ ਸਿੰਘ ਪੁੱਤਰ ਨਿਰਮਲ ਸਿੰਘ, ਅਜੇਪਾਲ ਸਿੰਘ ਪੁੱਤਰ ਮੇਜਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ, ਗੁਰਪ੍ਰਈਤ ਸਿੰਘ ਪੁੱਤਰ ਤਰਸੇਮ ਸਿੰਘ, ਮੇਜਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਅਨ ਕਮਾਲਪੁਰ ਨੇ ਉਸ ਦੇ ਘਰ ਦਾਖ਼ਲ ਹੋ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਗੰਭੀਰ ਸੱਟਾਂ ਲਗਾ ਦਿੱਤੀਆਂ | ਵਜ੍ਹਾ ਰੰਜਿਸ਼ ਇਹ ਸੀ ਕਿ ਉਸਨੇ ਆਪਣੇ ਭਰਾ ਮੇਜਰ ਸਿੰਘ ਤੋਂ 20 ਹਜ਼ਾਰ ਰੁਪਏ ਮੰਗੇ ਸਨ | ਜਾਂਚ ਅਧਿਕਾਰੀ ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |