ਤਰਨ ਤਾਰਨ, 4 ਸਤੰਬਰ (ਹਰਿੰਦਰ ਸਿੰਘ)-ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ | ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਪ੍ਰਸ਼ਾਸ਼ਨ ਨੂੰ ਵੱਡੀ ਗਿਣਤੀ ਵਿਚ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਹਵਾਲਾਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 31 ਅਗਸਤਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ 3 ਕੀਪੈਡ ਮੋਬਾਈਲ ਫੋਨ, 3 ਟੱਚ ਮੋਬਾਈਲ ਫੋਨ, 5 ਸਿੰਮ, 2 ਚਾਰਜਰ, 1 ਡਾਟਾ ਕੇਬਲ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਟ ਮਨਜੀਤ ਸਿੰਘ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਦੌਲਤ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਜੌੜਾ ਪਾਸੋਂ 2 ਕੀਪੈਡ ਮੋਬਾਈਲ ਫੋਨ, 3 ਸਿੰਮਾਂ, ਇਕ ਪੁੜੀ ਤੰਬਾਕੂ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸ ਰਾਜ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ 1 ਸਤੰਬਰ ਨੂੰ ਜੇਲ੍ਹ ਵਿਚ ਚੈਕਿੰਗ ਦੌਰਾਨ ਹਵਾਲਾਤੀ ਸੂਰਜ ਬਹੁਦਰ ਪੁੱਤਰ ਭੀਮ ਬਹਾਦਰ ਵਾਸੀ ਜਨਕਪੁਰੀ ਨੇਪਾਲ ਪਾਸੋਂ 1 ਕੀਪੈਡ ਮੋਬਾਈਲ ਫੋਨ ਸਮੇਤ ਸਿੰਮ, 2 ਚਾਰਜਰ, 1 ਈਅਰਪੋਡ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |