ਝਬਾਲ, 4 ਸਤੰਬਰ (ਸਰਬਜੀਤ ਸਿੰਘ)-ਅੰਮਿ੍ਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਵੱਖ ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਮਦਦ ਕਰਨ ਅਤੇ ਹੋਰ ਪਿੰਡਾਂ ਦੇ ਦੌਰੇ ਕਰਨ ਉਪਰੰਤ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਆਖਿਆ ਕਿ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਆਏ ਹੜ੍ਹਾਂ ਕਾਰਨ ਲੋਕਾਂ ਦੇ ਘਰ ਢਹਿ ਗਏ ਅਤੇ ਬਹੁਤ ਸਾਰੇ ਲੋਕਾਂ ਦੇ ਪਸ਼ੂ ਵੀ ਮਾਰੇ ਗਏ ਹਨ, ਜਿਸ ਲਈ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਪਾਸੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਵੱਡੇ ਪੱਧਰ 'ਤੇ ਮਦਦ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਆਖਿਆ ਕਿ ਹੜ੍ਹਾਂ ਨਾਲ ਇਸ ਤੋਂ ਇਲਾਵਾ ਲੋਕਾਂ ਦਾ ਹੋਰ ਵੀ ਵੱਡਾ ਨੁਕਸਾਨ ਹੋਇਆ ਹੈ ਤੇ ਕਿਸਾਨਾਂ ਦੀਆਂ ਖੇਤਾਂ ਵਿਚ ਝੋਨੇ ਦੀਆਂ ਫਸਲਾਂ ਖਰਾਬ ਹੋ ਚੁੱਕੀਆਂ ਹਨ, ਜਿਸ ਲਈ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਹੋਰ ਵੱਖਰਾ ਦੇਣਾ ਚਾਹੀਦਾ ਹੈ | ਭਾਈ ਮਨਜੀਤ ਸਿੰਘ ਨੇ ਪੀੜਤ ਲੋਕਾਂ ਦੀ ਵੱਖ ਵੱਖ ਸਮਾਜ ਸੇਵੀ ਪਾਰਟੀਆਂ ਵਲੋਂ ਮਦਦ ਕੀਤੇ ਜਾਣ ਲਈ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਪ੍ਰਭਾਵਿਤ ਲੋਕਾਂ ਦੀ ਸਾਰੀਆਂ ਪਾਰਟੀਆਂ ਦੇ ਸਮੂਹ ਆਗੂਆਂ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਮਦਦ ਕਰਨ ਦੀ ਲੋੜ ਹੈ, ਤਾਂ ਜੋ ਪੀੜਤ ਲੋਕ ਫਿਰ ਤੋਂ ਆਪਣਾ ਜੀਵਨ ਬਸਰ ਸੁਖਾਲਾ ਕਰ ਸਕਣ |