ਤਰਨ ਤਾਰਨ, 5 ਸਤੰਬਰ (ਹਰਿੰਦਰ ਸਿੰਘ)- ਥਾਣਾ ਸਰਹਾਲੀ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਗਸ਼ਤ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਜੱਸਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਿਕਰਮਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਵੜਿੰਗ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ, ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਦੇ ਘਰੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਦਦੇਹਰ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕਰਨ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |